ਚੰਡੀਗੜ੍ਹ, 14 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨਟ ਨੇ ਆਮ ਰਾਜ ਪ੍ਰਬੰਧ ਵਿਭਾਗ, ਪੰਜਾਬ, ਸਿਵਲ ਸਕੱਤਰੇਤ ਚੰਡੀਗੜ੍ਹ, ਵਿੱਚ ਕਲਰਕ ਕੇਡਰ ਦੀਆਂ 106 ਆਸਾਮੀਆਂ ਭਰਨ ਦੇ ਨਾਲ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲਾਈ ਹੈ | ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ), ਕਪੂਰਥਲਾ, ਹੁਸ਼ਿਆਰਪੁਰ, ਮਾਲੇਰਕੋਟਲਾ ਤੇ ਸੰਗਰੂਰ ਵਿੱਚ ਮੈਡੀਕਲ ਕਾਲਜਾਂ (medical colleges) ਦੇ ਜਲਦੀ ਨਿਰਮਾਣ ਲਈ ਢੁਕਵਾਂ ਢਾਂਚਾ ਕਾਇਮ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ।
ਪੰਜਾਬ ਵਾਸੀਆਂ ਨੂੰ ਲਾਭ ਦੇਣ ਲਈ ਸੂਬੇ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਸਥਾਪਤ ਕਰਨ ਲਈ ਇਨ੍ਹਾਂ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਇਸ ਨਾਲ ਇਨ੍ਹਾਂ ਮੈਡੀਕਲ ਕਾਲਜਾਂ ਦਾ ਨਿਰਮਾਣ ਕਾਰਜ ਸਮਾਂਬੱਧ ਢੰਗ ਨਾਲ ਹੋ ਸਕੇਗਾ ਅਤੇ ਲੋਕਾਂ ਲਈ ਵਾਜਬ ਦਰਾਂ ਉਤੇ ਬਿਹਤਰੀਨ ਸਿਹਤ ਸੰਭਾਲ ਸਹੂਲਤਾਂ ਉਪਲਬਧ ਹੋਣਗੀਆਂ।