ਐੱਸ.ਏ.ਐੱਸ ਨਗਰ, 2 ਨਵੰਬਰ 2023: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਹਾਈ ਰਾਈਜ਼ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਦਾ ਲਾਇਸੈਂਸ ( License ) ਰੱਦ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈ ਰਾਈਸ ਇੰਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟਸ ਫਰਮ ਐਸ.ਸੀ.ਐਫ. ਨੰਬਰ: 71, ਦੂਜੀ ਅਤੇ ਤੀਜੀ ਮੰਜ਼ਿਲ, ਫੇਜ਼-7, ਮੋਹਾਲੀ ਦੇ ਮਾਲਕ ਸ੍ਰੀ ਫੂਲਰਾਜ ਸਿੰਘ ਪੁੱਤਰ ਦਿਵਾਨ ਸਿੰਘ ਵਾਸੀ ਮਕਾਨ ਨੰ:ਬੀ-602, ਰੀਜੈਂਸੀ ਹਾਈਟ, ਸੈਕਟਰ-91, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੁੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 24 ਸਤੰਬਰ 2022 ਤੱਕ ਸੀ।
ਇਸ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਇਸ ਫਰਮ ਦਾ ਲਾਇਸੈਂਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੈਂਸੀ/ਫਰਮ ਦਾ ਮਾਲਕ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।