Harpal Singh Cheema

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 03 ਨਵੰਬਰ 2023: ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ (Harpal Singh Cheema) ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।

ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema) ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

Scroll to Top