https://theunmute.com/captain-along-with-drug-dealers-ruined-punjab-raja-waring/

ਰਾਜਾ ਵੜਿੰਗ ਨੇ ਘਨੌਰ ਬੱਸ ਅੱਡੇ ਦੇ ਨਵੀਨੀਕਰਨ ਕਾਰਜਾਂ ਲਈ ਜਾਰੀ ਕੀਤੇ 83.50 ਲੱਖ ਰੁਪਏ

ਚੰਡੀਗੜ੍ਹ 1 ਦਸੰਬਰ 2021: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਇਲਾਕਾ ਨਿਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਅੱਜ, 83.50 ਲੱਖ ਰੁਪਏ ਦੀ ਲਾਗਤ ਨਾਲ ਘਨੌਰ ਬੱਸ ਅੱਡੇ(Ghanour Bus Stand)ਦੇ ਨਵੀਨੀਕਰਨ ਤੇ ਇਸ ਨੂੰ ਮੁਕੰਮਲ ਕਰਨ ਦੇ ਕੰਮ ਦੀ ਸ਼ੁਰੂਆਤ ਕੀਤੀ।ਟਰਾਂਸਪੋਰਟ ਮੰਤਰੀ ਨੇ ਇਸ ਬੱਸ ਅੱਡੇ ਦੇ ਕੰਮ ਨੂੰ ਇੱਕ ਮਹੀਨੇ ਦੇ ਰਿਕਾਰਡ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਸ੍ਰੀ ਵੜਿੰਗ ਨੇ ਦੱਸਿਆ ਕਿ ਉਹਨਾਂ ਨੇ ਇਸ ਲਈ ਫੰਡ ਪਹਿਲਾਂ ਹੀ ਜਾਰੀ ਕਰ ਦਿੱਤੇ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਜਲਦੀ ਤੋਂ ਜਲਦੀ ਇਨ੍ਹਾਂ ਸਹੂਲਤਾਂ ਦੀ ਵਰਤੋਂ ਕਰ ਸਕਣ। ਉਨ੍ਹਾਂ ਦੇ ਨਾਲ ਹਲਕੇ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਅਤੇ ਪੀ.ਐਸ.ਪੀ.ਸੀ.ਐਲ ਦੇ ਨਵ ਨਿਯੁਕਤ ਡਾਇਰੈਕਟਰ ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ ਵੀ ਮੌਜੂਦ ਸਨ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਵਿਭਾਗ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਇਹ ਪ੍ਰਾਜੈਕਟ ਉਨ੍ਹਾਂ ਦੀ ਤਰਜੀਹੀ ਸੂਚੀ ਵਿੱਚ ਸੀ ਅਤੇ ਉਨ੍ਹਾਂ ਨੇ ਵਿਭਾਗ ਨੂੰ ਲੋੜੀਂਦੇ ਫੰਡਾਂ ਦੀ ਅਗਾਊਂ ਮਨਜ਼ੂਰੀ ਦੇਣ ਤੋਂ ਬਾਅਦ ਕੰਮ ਸ਼ੁਰੂ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਸੀ।
ਘਨੌਰ ਨੂੰ ਅਪਗੇ੍ਰਡ ਕੀਤਾ ਹੋਇਆ ਬੱਸ ਅੱਡਾ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਕਿਹਾ ਕਿ ਟੈਂਡਰਿੰਗ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ ਅਤੇ ਇਹ ਪ੍ਰੋਜੈਕਟ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਨੂੰ ਸੌਂਪਿਆ ਗਿਆ ਹੈ ਅਤੇ ਕਿਹਾਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਪ੍ਰੋਜੈਕਟ ਪਿਛਲੇ ਦੋ ਸਾਲਾਂ ਤੋਂ ਕਿਸੇ ਨਾ ਕਿਸੇ ਕਾਰਨ ਕਰਕੇ ਲਟਕ ਰਿਹਾ ਸੀ।
ਟਰਾਂਸਪੋਰਟ ਮੰਤਰੀ ਨੇ ਲੋਕਾਂ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਦੀ ਸਰਬਪੱਖੀ ਵਿਕਾਸ ਲਈ ਸਰਗਰਮ ਪਹੁੰਚ ਦਾ ਭਰੋਸਾ ਦਿਵਾਇਆ। ਵੜਿੰਗ ਨੇ ਕਿਹਾ ਕਿ ਇੱਕ ਮੰਤਰੀ ਵਜੋਂ ਮੇਰਾ ਫਰਜ਼ ਬਣਦਾ ਹੈ ਕਿ ਮੈਂ ਆਪਣੇ ਵਿਭਾਗ ਰਾਹੀਂ ਪੰਜਾਬ ਦੇ ਹਰ ਹਿੱਸੇ ਦਾ ਵਿਕਾਸ ਯਕੀਨੀ ਬਣਾਵਾਂ।ਵੜਿੰਗ ਨੇ ਕਿਹਾ ਕਿ ਨਵੀਨੀਕਰਨ ਕੀਤੇ ਗਏ ਬੱਸ ਅੱਡੇ ਵਿੱਚ ਹੁਣ ਬੱਸਾਂ ਵਿੱਚ ਯਾਤਰੀਆਂ ਖਾਸ ਕਰਕੇ ਬਜ਼ੁਰਗ ਨਾਗਰਿਕਾਂ ਦੇ ਦਾਖ਼ਲੇ ਨੂੰ ਸੁਚਾਰੂ ਬਣਾਉਣ ਲਈ ਪੰਜ ਬੇਅਜ਼ (ਥੜ੍ਹੇ) ਬਣਾਏ ਗਏ ਹਨ। ਉਨ੍ਹਾਂ ਕਿਹਾ ਇਸ ਤੋਂ ਇਲਾਵਾ ਨਵੀਂ ਚਾਰਦੀਵਾਰੀ, ਪੀਣ ਵਾਲੇ ਸਾਫ਼ ਪਾਣੀ ਅਤੇ ਟਾਇਲਟ ਦੀਆਂ ਸਹੂਲਤਾਂ ਵੀ ਸਥਾਪਤ ਕੀਤੀਆਂ ਜਾਣਗੀਆਂ।ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਵੀਆਂ ਸਹੂਲਤਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਰੌਸ਼ਨੀ ਦੇ ਸੁਚੱਜੇ ਪ੍ਰਬੰਧ ਲਈ ਵੱਡੀਆਂ ਲਾਈਟਾਂ, ਜਨਰੇਟਰ ਸੈੱਟਾਂ ਤੋਂ ਇਲਾਵਾ ਪੁਰਸ਼ਾਂ ਅਤੇ ਔਰਤਾਂ ਲਈ ਵੱਖਰੇ ਰੈਸਟ ਰੂਮ, ਢੁੱਕਵੀਂ ਜਾਣਕਾਰੀ ਵਾਲੇ ਕੈਬਿਨ ਵੀ ਸ਼ਾਮਲ ਹੋਣਗੇ।

Scroll to Top