FARMERS UNIONS

CM ਮਾਨ ਨੇ ਕਿਸਾਨ ਯੂਨੀਅਨਾਂ ਨੂੰ ਆਖਿਆ, ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖ਼ਿਲਾਫ਼ ਹੋ ਜਾਣਗੇ

ਚੰਡੀਗੜ੍ਹ, 22 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ (FARMERS UNIONS) ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ। ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ,  ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ। ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ (FARMERS UNIONS) ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਸੁਚੇਤ ਕਰਦਿਆਂ ਕਿਹਾ, “ਜੇਕਰ ਯੂਨੀਅਨਾਂ ਦਾ ਇਹੀ ਰਵੱਈਆ ਰਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਤਹਾਨੂੰ ਧਰਨੇ ਵਾਸਤੇ ਬੰਦੇ ਨਹੀਂ ਲੱਭਣੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੂਨੀਅਨਾਂ ਨੂੰ ਆਮ ਵਿਅਕਤੀ ਦੀਆਂ ਭਾਵਨਾਵਾਂ ਦਾ ਅਹਿਸਾਸ ਹੋਣਾ ਚਾਹੀਦਾ ਹੈ ਅਤੇ ਅਜਿਹੇ ਹੱਥਕੰਡਿਆਂ ਨਾਲ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ।

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਅਨਾਂ ਵੱਲੋਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਪੇਸ਼ ਆ ਰਹੀਆਂ ਦੁੱਖ-ਤਕਲੀਫਾਂ ਬਾਰੇ ਸੰਵੇਦਨਸ਼ੀਲ ਹੋਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਪ੍ਰਤੀ ਕਿਸਾਨ ਯੂਨੀਅਨਾਂ ਦਾ ਇਹ ਗੈਰ-ਜ਼ਿੰਮਵਾਰਾਨਾ ਰਵੱਈਆ ਅਣ-ਉਚਿਤ ਹੈ। ਉਨ੍ਹਾਂ ਨੇ ਦੁਹਰਾਇਆ ਕਿ ਸਮਾਜ ਦੇ ਹਰੇਕ ਵਰਗ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਜਿਸ ਕਰਕੇ ਕਿਸਾਨ ਯੂਨੀਅਨਾਂ ਸੜਕਾਂ ਬੰਦ ਕਰਕੇ ਲੋਕਾਂ ਲਈ ਪ੍ਰੇਸ਼ਾਨੀ ਖੜ੍ਹੀ ਕਰਨ ਦੀ ਬਜਾਏ ਸਰਕਾਰ ਨਾਲ ਗੱਲਬਾਤ ਦਾ ਰਾਹ ਫੜ ਸਕਦੀਆਂ ਹਨ।

Scroll to Top