July 2, 2024 9:22 pm

ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਡਰੱਗ ਮਾਮਲੇ ‘ਚ ਨਹੀਂ ਮਿਲੀ ਜ਼ਮਾਨਤ

ਚੰਡੀਗੜ੍ਹ, 29 ਨਵੰਬਰ 2023: ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਨੂੰ ਰੈਗੂਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ ਹੈ ਤਾਂ ਇਸ ਤੋਂ ਵੱਡਾ ਅਪਰਾਧ ਹੋਰ ਕੀ ਹੋ ਸਕਦਾ ਹੈ। ਰਾਜਜੀਤ ਸਿੰਘ ਹੁੰਦਲ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।

ਐਡੀਸ਼ਨਲ ਇੰਸਪੈਕਟਰ ਜਨਰਲ (ਏਆਈਜੀ) ਰਾਜਜੀਤ ਸਿੰਘ ਹੁੰਦਲ ਦੀ ਪਟੀਸ਼ਨ ਨੂੰ ਰੱਦ ਕਰਦਿਆਂ ਜੱਜ ਬੀਆਰ ਗਵਈ ਅਤੇ ਪੀਕੇ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਵੱਡੀ ਸਮੱਸਿਆ ਹੈ। ਲੱਖਾਂ ਪਰਿਵਾਰ ਇਸ ਸਮੱਸਿਆ ਨਾਲ ਜੂਝ ਰਹੇ ਹਨ। ਅਸੀਂ ਇਸ ਪਟੀਸ਼ਨ ਨੂੰ ਰੱਦ ਕਰਦੇ ਹਾਂ। ਇਸ ਤੋਂ ਪਹਿਲਾਂ ਹੁੰਦਲ ਨੂੰ ਸੁਪਰੀਮ ਕੋਰਟ ਤੋਂ ਕੁਝ ਦਿਨਾਂ ਲਈ ਜ਼ਮਾਨਤ ਮਿਲੀ ਸੀ। ਸਮਾਂ ਖਤਮ ਹੋਣ ਤੋਂ ਬਾਅਦ ਅਦਾਲਤ ਨੇ ਮੁੜ ਪਟੀਸ਼ਨ ਰੱਦ ਕਰ ਦਿੱਤੀ।

ਜਿਕਰਯੋਗ ਹੈ ਕਿ ਰਾਜਜੀਤ ਸਿੰਘ (Raj jit Singh) ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ, ਜਿਸ ਵਿੱਚ ਉਸਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਹੁੰਦਲ ਨੇ ਇਹ ਵੀ ਦਾਅਵਾ ਕੀਤਾ ਸੀ ਕਿ ‘ਆਪ’ ਸਰਕਾਰ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ |