ਚੰਡੀਗੜ੍ਹ, 09 ਦਸੰਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ 24 ਸਤੰਬਰ ਨੂੰ ਦਰਜ ਹੋਏ ਕੇਸ ਵਿੱਚ 15 ਫਰਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਦੀ ਮੰਗ ‘ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ।
ਜਿਕਰਯੋਗ ਹੈ ਕਿ ਮਨਪ੍ਰੀਤ ਬਾਦਲ ਖ਼ਿਲਾਫ਼ 24 ਸਤੰਬਰ ਨੂੰ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ ਬਠਿੰਡਾ ਵਿਚ ਆਈਪੀਸੀ ਤਹਿਤ ਧੋਖਾਧੜੀ, ਜਾਅਲਸਾਜ਼ੀ ਤੇ ਭ੍ਰਿਸ਼ਟਾਚਾਰ ਨਿਵਾਰਣ ਐਕਟ ਤੇ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹਾਈਕੋਰਟ ਦੇ ਜਸਟਿਸ ਵਿਕਾਸ ਬਹਿਲ ਨੇ ਮਨਪ੍ਰੀਤ (Manpreet Singh Badal) ਵੱਲੋਂ ਦਾਇਰ ਅਗਾਊਂ ਜ਼ਮਾਨਤ ’ਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਦਿੱਤੇ ਹਨ। ਬਠਿੰਡਾ ਦੀ ਸਥਾਨਕ ਅਦਾਲਤ ਵੱਲੋਂ ਮਨਪ੍ਰੀਤ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕੀਤੇ ਜਾਣ ਮਗਰੋਂ ਉਨ੍ਹਾਂ ਨੇ ਅਦਾਲਤ ਦਾ ਦਰਵਾਜਾ ਖੜਕਾਇਆ ਸੀ।
ਮਨਪ੍ਰੀਤ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਐਫਆਈਆਰ ਉਸ ਸਮੇਂ ਦੀ ਹੈ ਜਿਸ ਵਿੱਚ ਮੌਜੂਦਾ ਸਰਕਾਰ ਉਨ੍ਹਾਂ ਵਿਅਕਤੀਆਂ ਨੂੰ ਜੇਲ੍ਹ ਵਿੱਚ ਭੇਜਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਪਿਛਲੀ ਸਰਕਾਰ ਨਾਲ ਕਿਸੇ ਨਾ ਕਿਸੇ ਤਰੀਕੇ ਨਾਲ ਜੁੜੇ ਹੋਏ ਸਨ।