ਚੰਡੀਗੜ੍ਹ, 11 ਦਸੰਬਰ 2023: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਖ਼ਤਮ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਦੇ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਸਾਬਤ ਕਰਦਾ ਹੈ ਕਿ ਕੇਂਦਰ ਸਰਕਾਰ ਦਾ ਫੈਸਲਾ ‘ਪੂਰੀ ਤਰ੍ਹਾਂ ਸੰਵਿਧਾਨਕ’ ਸੀ |
ਅਮਿਤ ਸ਼ਾਹ (Amit Shah) ਨੇ ‘ਐਕਸ’ ‘ਤੇ ਇਕ ਪੋਸਟ ਵਿਚ ਕਿਹਾ, “ਮੈਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ, ਜਿਸ ਨੇ ਧਾਰਾ 370 ਨੂੰ ਖ਼ਤਮ ਕਰਨ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ 5 ਅਗਸਤ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਧਾਰਾ 370 ਨੂੰ ਖ਼ਤਮ ਕਰਨ ਦਾ ‘ਦੂਰਦਰਸ਼ੀ’ ਫ਼ੈਸਲਾ ਲਿਆ ਸੀ।

ਉਨ੍ਹਾਂ ਕਿਹਾ, “ਉਦੋਂ ਤੋਂ ਜੰਮੂ-ਕਸ਼ਮੀਰ ਵਿੱਚ ਸ਼ਾਂਤੀ ਅਤੇ ਆਮ ਸਥਿਤੀ ਵਾਪਸ ਆ ਗਈ ਹੈ। ਤਰੱਕੀ ਅਤੇ ਵਿਕਾਸ ਨੇ ਘਾਟੀ ਵਿੱਚ ਮਨੁੱਖੀ ਜੀਵਨ ਨੂੰ ਨਵੇਂ ਅਰਥ ਦਿੱਤੇ ਹਨ। “ਸੈਰ-ਸਪਾਟਾ ਅਤੇ ਖੇਤੀਬਾੜੀ ਖੇਤਰਾਂ ਵਿੱਚ ਖੁਸ਼ਹਾਲੀ ਨੇ ਜੰਮੂ, ਕਸ਼ਮੀਰ ਅਤੇ ਲੱਦਾਖ ਦੇ ਵਸਨੀਕਾਂ ਦੀ ਆਮਦਨੀ ਦੇ ਪੱਧਰ ਵਿੱਚ ਵਾਧਾ ਕੀਤਾ ਹੈ।” ਉਨ੍ਹਾਂ ਕਿਹਾ, “ਸੁਪਰੀਮ ਕੋਰਟ ਦੇ ਅੱਜ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਫੈਸਲਾ ਪੂਰੀ ਤਰ੍ਹਾਂ ਸੰਵਿਧਾਨਕ ਸੀ।”




