July 2, 2024 7:58 pm
ਆਂਗਣਵਾੜੀ

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਆਂਗਣਵਾੜੀ ਹੈਲਪਰਾਂ ਤੇ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਖਰੜ/ ਮਾਜਰੀ, 12 ਦਸੰਬਰ 2023: ਮੁੱਖ ਮੰਤਰੀ, ਭਗਵੰਤ ਸਿੰਘ ਮਾਨ, ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੇਵਲ ਡੇਢ ਸਾਲ ਦੇ ਅਰਸੇ ਦੌਰਾਨ ਹੀ 37 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਪ੍ਰਦਾਨ ਕੀਤੇ ਗਏ ਹਨ ਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ।

ਇਹ ਪ੍ਰਗਟਾਵਾ ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਨੇ ਬੀ.ਡੀ.ਪੀ.ਓ. ਦਫਤਰ, ਮਾਜਰੀ ਵਿਖੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਨਵੇਂ ਭਰਤੀ ਕੀਤੇ 39 ਆਂਗਣਵਾੜੀ ਹੈਲਪਰਾਂ ਅਤੇ 13 ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਆਖੀ। ਇਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 15 ਨਵਜਨਮੀਆਂ ਬੱਚੀਆਂ ਨੂੰ ਬੇਬੀ ਕਿਟਸ ਵੀ ਵੰਡੀਆਂ ਗਈਆਂ।

ਕੈਬਿਨਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰੋਲ ਮੈਰਿਟ ਅਤੇ ਪਾਰਦਰਸ਼ੀ ਤਰੀਕੇ ਨਾਲ ਰਾਜ ਅੰਦਰ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਨਾਲ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰ-ਮੋਰੀ ਲਈ ਕੋਈ ਥਾਂ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ‘ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਤੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਹਿਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਹੀ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ।

ਕੈਬਿਨਟ ਮੰਤਰੀ ਨੇ ਨਵੇਂ ਨਿਯੁਕਤ ਹੋਏ ਹੈਲਪਰਾਂ ਤੇ ਆਂਗਣਵਾੜੀ ਵਰਕਰਜ਼ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੇ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਦੀ ਹਦਾਇਤ ਵੀ ਕੀਤੀ।
ਇਸ ਮੌਕੇ ਬੀ.ਡੀ.ਪੀ.ਓ. ਮਾਜਰੀ ਵਿਨੋਦ ਜੋਸ਼ੀ, ਸੀ.ਡੀ.ਪੀ.ਓ. ਸ਼ੁਭਮ ਭਾਰਦਵਾਜ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵੱਡੀ ਗਿਣਤੀ ਪਿੰਡਾਂ ਦੇ ਲੋਕ ਤੇ ਪਤਵੰਤੇ ਹਾਜ਼ਰ ਸਨ।