ਬੰਦੀ ਸਿੰਘਾਂ ਦੀ ਰਿਹਾਈ

ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਨੂੰ ਲੈ ਕੇ SGPC ਦੀ 9 ਮੈਂਬਰੀ ਕਮੇਟੀ ਪ੍ਰਧਾਨ ਮੰਤਰੀ ਨਾਲ ਕਰੇਗੀ ਮੁਲਾਕਾਤ

ਅੰਮ੍ਰਿਤਸਰ 19 ਮਈ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਮੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ 9 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿਚ ਵੱਖ-ਵੱਖ ਪੰਥਕ ਆਗੂ ਮੈਂਬਰ ਲਏ ਗਏ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ’ਤੇ ਲੰਘੀ 11 ਮਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਇਕੱਠ ਸੱਦਿਆ ਗਿਆ ਸੀ, ਜਿਸ ਦੌਰਾਨ ਸਰਬਸੰਮਤੀ ਨਾਲ ਸਾਂਝੀ ਕਮੇਟੀ ਸਥਾਪਤ ਕਰਨ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ ਸਨ।

ਇਸੇ ਤਹਿਤ ਉਨ੍ਹਾਂ ਨੇ ਇਸ ਸਾਂਝੀ ਕਮੇਟੀ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਣਾਈ ਗਈ ਇਸ 9 ਮੈਂਬਰੀ ਕਮੇਟੀ ਵਿਚ ਉਨ੍ਹਾਂ (ਸ਼੍ਰੋਮਣੀ ਕਮੇਟੀ ਪ੍ਰਧਾਨ) ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਸ਼ਾਮਲ ਕੀਤੇ ਗਏ ਹਨ।

ਜਿਨ੍ਹਾਂ ਵੱਲੋਂ ਅੱਜ ਪਲੇਠੀ ਦੀ ਮੀਟਿੰਗ ਅੰਮ੍ਰਿਤਸਰ ਐੱਸਜੀਪੀਸੀ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਗਈ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 9 ਮੈਂਬਰੀ ਕਮੇਟੀ ਦੇ ਮੈਂਬਰ 15 ਦਿਨਾਂ ਦੇ ਵਿੱਚ ਪ੍ਰਧਾਨਮੰਤਰੀ ਨਰੇਂਦਰ ਬਾਈ ਮੋਦੀ ਨੂੰ ਮਿਲਣਗੇ ਅਤੇ ਬੰਦੀ ਸਿੰਘਾਂ ਦੀ ਰਿਹਾਈ

ਲਈ ਵਿਚਾਰ ਵਟਾਂਦਰਾ ਕਰਨਗੇ |

ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰੋ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਲੈ ਕੇ ਵੀ ਐੱਸਜੀਪੀਸੀ ਦੇ ਇੱਕ ਵਫ਼ਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ | ਉਨ੍ਹਾਂ ਕਿਹਾ ਕਿ ਜੋ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 550 ਸਾਲਾ ਦੇ ਮੱਦੇਨਜ਼ਰ ਕੁਝ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਗੱਲ ਕੀਤੀ ਗਈ ਸੀ ਜਿਨ੍ਹਾਂ ਚੋਂ ਕੁਝ ਬੰਦੀ ਸਿੰਘ ਅਜੇ ਰਿਹਾਅ ਨਹੀਂ ਹੋਏ ਉਸ ਸਬੰਧੀ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨਗੇ |

Scroll to Top