ਅੰਮ੍ਰਿਤਸਰ, 13 ਅਪ੍ਰੈਲ 2024: ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਪਾਕਿਸਤਾਨ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਲਈ ਸਿੱਖ ਸ਼ਰਧਾਲੂਆਂ (Sikh pilgrims) ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਇਆ ਅਤੇ ਇਸ ਜੱਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਦੀ ਅਗਵਾਈ ਦੇ ਵਿੱਚ ਇਹ ਸ਼ਰਧਾਲੂਆਂ ਦਾ ਜੱਥਾ ਰਵਾਨਾ ਹੋਇਆ |
ਜਦਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਰਵਿੰਦਰ ਸਿੰਘ ਖਾਲਸਾ ਵੀ ਇਸ ਜੱਥੇ ‘ਚ ਨਾਲ ਅਗਵਾਈ ਕਰਨਗੇ। ਇਸ ਦੌਰਾਨ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਮਨਾਂ ਵਿੱਚ ਗੁਰਦੁਆਰਿਆਂ ਦੇ ਦਰਸ਼ਨਾਂ ਨੂੰ ਲੈ ਕੇ ਵੱਖਰਾ ਹੀ ਚਾਅ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਕਿਸਤਾਨ ਵਿਖੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨਾਂ ਦੇ ਲਈ ਜਾ ਰਹੇ ਹਨ ਤੇ ਉਹਨਾਂ ਦੀ ਬੜੇ ਦੇਰ ਤੋਂ ਤਾਂਘ ਸੀ ਕਿ ਉਹ ਆਪਣੇ ਵਿਛੜੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ ਅਤੇ ਉਹ ਅੱਜ ਉਹਨਾਂ ਦੀ ਤਾਂਘ ਪੂਰੀ ਹੋ ਰਹੀ ਹੈ ਅਤੇ ਉਹ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤਣਗੇ।
ਇਸ ਮੌਕੇ ਜਥੇ ਦੀ ਅਗਵਾਈ ਕਰਨ ਵਾਲੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੁਲਵੰਤ ਸਿੰਘ ਮਨਹਨ ਨੇ ਦੱਸਿਆ ਕਿ 1525 ਸ਼ਰਧਾਲੂਆਂ ਦਾ ਵੀਜ਼ਾ ਅਪਲਾਈ ਕੀਤਾ ਸੀ ਜਿਨ੍ਹਾਂ ਦੇ ਵਿੱਚੋਂ 596 ਸ਼ਰਧਾਲੂਆਂ (Sikh pilgrims) ਦਾ ਵੀਜ਼ਾ ਪਾਕਿਸਤਾਨ ਦੂਤਾਵਾਸ ਵੱਲੋਂ ਨਹੀਂ ਦਿੱਤਾ ਗਿਆ ਅਤੇ 929 ਸ਼ਰਧਾਲੂ ਹੀ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨਾਂ ਦੇ ਲਈ ਜਾ ਰਹੇ ਹਨ। ਉਹਨਾਂ ਕਿਹਾ ਕਿ ਜੋ ਪਾਕਿਸਤਾਨ ਗੁਰੂਧਾਮਾਂ ਦੇ ਦਰਸ਼ਨਾਂ ਵਾਲੀ ਸੰਗਤ ਜਾਂਦੀ ਹੈ ਪਾਕਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਸਾਰਿਆਂ ਨੂੰ ਪਾਕਿਸਤਾਨ ਦਾ ਵੀਜ਼ਾ ਦਿੱਤਾ ਜਾਵੇ ਤਾਂ ਜੋ ਕਿ ਸ਼ਰਧਾਲੂ ਆਪਣੇ ਵਿਛੜੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ |