ਚੰਡੀਗੜ੍ਹ, 06 ਮਈ 2024: ਲੱਦਾਖ (Ladakh) ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਹੁਣ ਲੱਦਾਖ ਵਿੱਚ ਨੈਸ਼ਨਲ ਕਾਨਫਰੰਸ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਨੈਸ਼ਨਲ ਕਾਨਫਰੰਸ ਦੀ ਕਾਰਗਿਲ ਇਕਾਈ ਦੇ ਕਈ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਵਾਲੇ ਐੱਨਸੀ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਕਾਂਗਰਸੀ ਉਮੀਦਵਾਰ ਦੀ ਹਮਾਇਤ ਲਈ ਦਬਾਅ ਪਾਇਆ ਜਾ ਰਿਹਾ ਸੀ, ਜਿਸ ਦੇ ਵਿਰੋਧ ‘ਚ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ।
ਪਾਰਟੀ ਦੇ ਵਧੀਕ ਜਨਰਲ ਸਕੱਤਰ ਲੱਦਾਖ (Ladakh) ਕਮਰ ਅਲੀ ਅਖੂਨ ਨੇ ਇਕ ਪੱਤਰ ਵਿਚ ਪਾਰਟੀ ਪ੍ਰਧਾਨ ਫਾਰੂਕ ਅਬਦੁੱਲਾ ਨੂੰ ਇਕਾਈ ਦੇ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਅਖੂਨ ਨੇ ਕਿਹਾ ਕਿ ਲੱਦਾਖ ਤੋਂ ਕਾਂਗਰਸ ਦੇ ਅਧਿਕਾਰਤ ਉਮੀਦਵਾਰ ਸ਼ੇਰਿੰਗ ਨਾਮਗਿਆਲ ਨੂੰ ਸਮਰਥਨ ਦੇਣ ਲਈ ਪਾਰਟੀ ਆਲਾਕਮਾਨ ਵੱਲੋਂ ਉਨ੍ਹਾਂ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ‘ਚ ਉਨ੍ਹਾਂ ਨੇ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਾਰਗਿਲ ਡੈਮੋਕਰੇਟਿਕ ਅਲਾਇੰਸ ਵੱਲੋਂ ਲਏ ਗਏ ਫੈਸਲੇ ਦੇ ਖ਼ਿਲਾਫ਼ ਹੈ। ਉਨ੍ਹਾਂ ਨੇ ਹਾਜੀ ਹਨੀਫਾ ਜਾਨ ਨੂੰ ਆਪਣਾ ਉਮੀਦਵਾਰ ਬਣਾਇਆ ਹੈ।