ਚੰਡੀਗੜ੍ਹ, 28 ਅਪ੍ਰੈਲ 2023: ਸੁਪਰੀਮ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ ਵੱਡੀ ਰਾਹਤ ਦਿੰਦਿਆਂ ਦੋਹਰੇ ਸੰਵਿਧਾਨ ਦੇ ਮਾਮਲੇ ਵਿੱਚ ਹੁਸ਼ਿਆਰਪੁਰ ਕੋਰਟ ਵਿੱਚ ਚੱਲ ਰਿਹਾ ਮੁਕੱਦਮਾ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਮੌਤ ਦੇ ਦੋ ਦਿਨ ਬਾਅਦ ਇਸ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ।
2009 ਵਿੱਚ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਅਦਾਲਤ ਵਿੱਚ ਮੁਕੱਦਮਾ ਦਾਇਰ ਕਰ ਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ ਹੈ, ਇਸ ਲਈ ਇਸ ਵੱਲੋਂ ਚੋਣ ਕਮਿਸ਼ਨ ਕੋਲ ਦਿੱਤੀ ਸੰਵਿਧਾਨ ਦੀ ਕਾਪੀ ਜਾਅਲਸਾਜ਼ੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ 2 ਸੰਵਿਧਾਨ ਹਨ |
ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀ ਕੁਮਾਰ ਦੇ ਬੈਂਚ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਾਇਰ ਪਟੀਸ਼ਨ ’ਤੇ 11 ਅਪਰੈਲ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ ਦੇ ਹੁਸ਼ਿਆਰਪੁਰ ਦੀ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਸੰਮਨ ਨੂੰ ਰੱਦ ਕਰ ਦਿੱਤਾ |
ਜਿਕਰਯੋਗ ਹੈ ਕਿ ਹੇਠਲੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਬਾਦਲ ਪਰਿਵਾਰ ਅਤੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਪੰਜਾਬ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਹਾਈਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਜਿਸ ਤੋਂ ਬਾਅਦ ਬਾਦਲ ਪਰਿਵਾਰ ਅਤੇ ਚੀਮਾ ਨੇ ਅਗਸਤ 2021 ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।