Site icon TheUnmute.com

CIA ਸਟਾਫ ਦੇ ASI ਤੇ ਸੀਨੀਅਰ ਸਿਪਾਹੀ ਖ਼ਿਲਾਫ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੇਸ ਦਰਜ

Bribe

ਚੰਡੀਗੜ੍ਹ, 08 ਨਵੰਬਰ 2024: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੀ.ਆਈ.ਏ. ਸਟਾਫ ਮਲੋਟ ਦੇ ਏ.ਐਸ.ਆਈ. ਅਤੇ ਸੀਨੀਅਰ ਸਿਪਾਹੀ ਖ਼ਿਲਾਫ 60 ਹਜ਼ਾਰ ਰੁਪਏ ਦੀ ਰਿਸ਼ਵਤ (Bribe) ਮੰਗਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ |

ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/ਐਮਕੇ) ਅਤੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਉਰਫ਼ ਗੋਪੀ (ਨੰਬਰ 183/ਐਮਕੇਐਸ) ਵਿਰੁੱਧ ਭ੍ਰਿਸ਼ਟਾਚਾਰ ਵਿਰੋਧੀ ਐਕਟ ਤਹਿਤ ਕੇਸ ਦਰਜ ਕੀਤਾ ਹੈ | ਵਿਜੀਲੈਂਸ ਨੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ |

ਇਸ ਮਾਮਲੇ ਸੰਬੰਧੀ ਵਿਜੀਲੈਂਸ ਬਿਓਰੋ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਵਿਰੁੱਧ ਇਹ ਮਾਮਲਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ਼ ਬੀਰਾ ਵਾਸੀ ਪਿੰਡ ਸੇਰਾਵਾਲਾ (ਸ੍ਰੀ ਮੁਕਤਸਰ ਸਾਹਿਬ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਵਿਜੀਲੈਂਸ ਮੁਤਾਬਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਕਿ ਉਸ ਵਿਰੁੱਧ ਨਸ਼ੀਲੀਆਂ ਗੋਲੀਆਂ ਅਤੇ ਚਿੱਟੇ ਦੀ ਭਾਰੀ ਬਰਾਮਦਗੀ ਦੀ ਧਮਕੀ ਦੇ ਤਹਿਤ ਝੂਠਾ ਕੇਸ ਦਰਜ ਨਾ ਕਰਨ ਬਦਲੇ 2,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਗਈ ਸੀ ਅਤੇ ਬਾਅਦ ‘ਚ 60,000 ਰੁਪਏ ਦੀ ਰਿਸ਼ਵਤ (Bribe) ਲੈਣ ‘ਤੇ ਸਹਿਮਤ ਹੋ ਗਏ |

ਜਾਂਚ ਦੌਰਾਨ ਸ਼ਿਕਾਇਤਕਰਤਾ ਵੱਲੋਂ ਪੇਸ਼ ਕੀਤੀ ਗਈ ਰਿਕਾਰਡਿੰਗ ਤੋਂ ਪਤਾ ਚੱਲਦਾ ਹੈ ਕਿ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਪਹਿਲਾਂ 2,50,000 ਰੁਪਏ ਦੀ ਮੰਗ ਕੀਤੀ ਅਤੇ ਬਾਅਦ ‘ਚ 60,000 ਰੁਪਏ ਦੀ ਮੰਗ ਕੀਤੀ ਅਤੇ ਏ.ਐਸ.ਆਈ. ਬਲਜਿੰਦਰ ਸਿੰਘ ਨੇ ਸਪੱਸ਼ਟ ਤੌਰ ‘ਤੇ ਰਿਸ਼ਵਤ ਲੈਣ ‘ਤੇ ਸਹਿਮਤੀ ਪ੍ਰਗਟ ਕਰਦਿਆਂ ਇਹ ਸਾਬਤ ਕਰ ਦਿੱਤਾ ਹੈ ਕਿ ਇਹ ਦੋਵੇਂ ਮੁਲਜ਼ਮ ਆਪਸੀ ਮਿਲੀਭੁਗਤ ਨਾਲ ਰਿਸ਼ਵਤ ਮੰਗ ਰਹੇ ਸਨ।

ਇਸ ਜਾਂਚ ਦੇ ਆਧਾਰ ‘ਤੇ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਰੇਂਜ ‘ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਸੀ.ਆਈ.ਏ ਸਟਾਫ਼ ਮਲੋਟ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਪੁੱਛਗਿੱਛ ਕੀਤੀ ਜਾ ਰਹੀ ਹੈ | ਦੂਜੇ ਮੁਲਜ਼ਮ ਬਲਜਿੰਦਰ ਸਿੰਘ ਨੂੰ ਵੀ ਛੇਤੀ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

Exit mobile version