ਹਰਿਆਣਾ, 6 ਨਵੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਧਨਤੇਰਸ ਦੇ ਪਵਿੱਤਰ ਮੌਕੇ ‘ਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਸੌਗਾਤ ਦਿੰਦਿਆਂ ਜਨ-ਕਲਿਆਣਕਾਰੀ ਯੋਜਨਾਵਾਂ ਤਹਿਤ ਲੱਖਾਂ ਲਾਭਪਾਤਰੀਆਂ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੇ ਨਗਰ ਪਾਲਿਕਾਵਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤੌਰ ‘ਤੇ 4,470 ਕਰੋੜ 77 ਲੱਖ ਰੁਪਏ ਦੀ ਰਕਮ ਟਰਾਂਸਫਰ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ, ਮੁੱਖ ਸਕੱਤਰ ਅਨੁਰਾਗ ਰਸਤੋਗੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅੱਜ ‘ਦੀਨ ਦਿਆਲ ਲਾਡੋ ਲਕਸ਼ਮੀ’ ਯੋਜਨਾ ਦੀ 13ਵੀਂ ਕਿਸ਼ਤ ਜਾਰੀ ਕੀਤੀ ਗਈ ਹੈ। ਇਸ ਯੋਜਨਾ ਤਹਿਤ 10 ਲੱਖ 59 ਹਜ਼ਾਰ ਲਾਭਪਾਤਰੀ ਭੈਣਾਂ-ਧੀਆਂ ਦੇ ਖਾਤਿਆਂ ਵਿੱਚ 222 ਕਰੋੜ 52 ਲੱਖ ਰੁਪਏ ਦੀ ਰਕਮ ਪਾਈ ਗਈ ਹੈ। ਇਸ ਨੂੰ ਮਿਲਾ ਕੇ ਹੁਣ ਤੱਕ 13 ਕਿਸ਼ਤਾਂ ਵਿੱਚ 2 ਹਜ਼ਾਰ 689 ਕਰੋੜ 15 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਦੂਜਾ ਪੜਾਅ ਬੀਤੀ 17 ਸਤੰਬਰ ਤੋਂ ਸ਼ੁਰੂ ਹੋ ਚੁੱਕਾ ਹੈ। ਸਰਕਾਰ ਨੇ ਇਸ ਯੋਜਨਾ ਦਾ ਦਾਇਰਾ ਵਧਾਉਂਦਿਆਂ ਸਾਲਾਨਾ ਆਮਦਨ ਦੀ ਹੱਦ 1 ਲੱਖ ਰੁਪਏ ਤੋਂ ਵਧਾ ਕੇ 1 ਲੱਖ 80 ਹਜ਼ਾਰ ਰੁਪਏ ਕਰ ਦਿੱਤੀ ਹੈ। ਅੱਜ ਜਾਰੀ ਕੀਤੀ ਗਈ ਰਕਮ ਵਿੱਚ ਅਜਿਹੀਆਂ 49 ਹਜ਼ਾਰ 290 ਯੋਗ ਭੈਣਾਂ-ਧੀਆਂ ਵੀ ਸ਼ਾਮਲ ਹਨ।
ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਵੱਖ-ਵੱਖ 15 ਸਮਾਜਿਕ ਸੁਰੱਖਿਆ ਪੈਨਸ਼ਨ ਯੋਜਨਾਵਾਂ ਤਹਿਤ 1 ਹਜ਼ਾਰ 135 ਕਰੋੜ 21 ਲੱਖ ਰੁਪਏ ਦੀ ਰਕਮ ਸਿੱਧੇ ਤੌਰ ‘ਤੇ 35 ਲੱਖ 26 ਹਜ਼ਾਰ 358 ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਾਈ। ਇਨ੍ਹਾਂ ਵਿੱਚ ਬੁਢਾਪਾ ਸਨਮਾਨ ਭੱਤਾ, ਦਿਵਿਆਂਗ ਭੱਤਾ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪ੍ਰਣਾਲੀ ‘ਚ ਬਦਲਾਅ ਕਰਦਿਆਂ ‘ਪ੍ਰੋ-ਐਕਟਿਵ ਮਾਡਲ’ ਅਪਣਾਇਆ ਹੈ। ਇਸ ਤਹਿਤ ਪਰਿਵਾਰ ਪਹਿਚਾਣ ਪੱਤਰ ਦੇ ਡੇਟਾਬੇਸ ਦੇ ਆਧਾਰ ‘ਤੇ ਯੋਗਤਾ ਆਪਣੇ ਆਪ ਨਿਰਧਾਰਤ ਹੋ ਜਾਂਦੀ ਹੈ ਅਤੇ ਯੋਗ ਨਾਗਰਿਕਾਂ ਨੂੰ ਦਫ਼ਤਰਾਂ ਦੇ ਚੱਕਰ ਲਗਾਏ ਬਿਨਾਂ, ਬਿਨਾਂ ਅਰਜ਼ੀ ਦਿੱਤੇ ਘਰ ਬੈਠਿਆਂ ਹੀ ਭੱਤੇ ਦਾ ਲਾਭ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ‘ਹਰ ਘਰ-ਹਰ ਗ੍ਰਹਿਣੀ’ ਯੋਜਨਾ ਤਹਿਤ ਗੈਸ ਸਿਲੰਡਰ ਰਿਫਿਲ ਕਰਵਾਉਣ ਵਾਲੀਆਂ 6 ਲੱਖ 5 ਹਜ਼ਾਰ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਸਤੰਬਰ ਮਹੀਨੇ ਦੀ 24 ਕਰੋੜ 25 ਲੱਖ ਰੁਪਏ ਦੀ ਸਬਸਿਡੀ ਵੀ ਜਾਰੀ ਕੀਤੀ। ਇਸ ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ ਹਰ ਮਹੀਨੇ 500 ਰੁਪਏ ਵਿੱਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ। ਅੱਜ ਜਾਰੀ ਕੀਤੀ ਗਈ ਰਕਮ ਨੂੰ ਮਿਲਾ ਕੇ ਹੁਣ ਤੱਕ 14 ਲੱਖ 66 ਹਜ਼ਾਰ ਯੋਗ ਭੈਣਾਂ ਦੇ ਬੈਂਕ ਖਾਤਿਆਂ ਵਿੱਚ ਕੁੱਲ 404 ਕਰੋੜ 46 ਲੱਖ ਰੁਪਏ ਦੀ ਰਕਮ ਪਾਈ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਸੂਬਾ ਸਰਕਾਰ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਰਾਜ ਵਿੱਤ ਕਮਿਸ਼ਨ ਤਹਿਤ 2 ਹਜ਼ਾਰ 316 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ। ਇਸੇ ਲੜੀ ਤਹਿਤ ਅੱਜ ਰਾਜ ਵਿੱਤ ਕਮਿਸ਼ਨ ਗ੍ਰਾਂਟ ਦੀ ਪਹਿਲੀ ਅਤੇ ਦੂਜੀ ਕਿਸ਼ਤ ਵਜੋਂ 1,158 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ 22 ਜ਼ਿਲ੍ਹਾ ਪਰਿਸ਼ਦਾਂ, 143 ਪੰਚਾਇਤ ਸੰਮਤੀਆਂ ਅਤੇ 6 ਹਜ਼ਾਰ 230 ਗ੍ਰਾਮ ਪੰਚਾਇਤਾਂ ਦੇ ਬੈਂਕ ਖਾਤਿਆਂ ਵਿੱਚ ਪਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਸਰਕਾਰ ਨੇ ਸ਼ਹਿਰਾਂ ਦੇ ਵਿਕਾਸ ਲਈ ਰਾਜ ਵਿੱਤ ਕਮਿਸ਼ਨ ਯੋਜਨਾ ਵਿੱਚ 2 ਹਜ਼ਾਰ 754 ਕਰੋੜ ਰੁਪਏ ਦੇ ਬਜਟ ਦਾ ਪ੍ਰਬੰਧ ਕੀਤਾ ਹੈ। ਅੱਜ ਸੂਬੇ ਦੀਆਂ ਨਗਰ ਪਾਲਿਕਾਵਾਂ ਨੂੰ 1,727 ਕਰੋੜ 80 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਅੱਜ ਦੀ ਰਕਮ ਨੂੰ ਮਿਲਾ ਕੇ ਹੁਣ ਤੱਕ ਇਸ ਵਿੱਤੀ ਵਰ੍ਹੇ ਵਿੱਚ ਨਗਰ ਪਾਲਿਕਾਵਾਂ ਨੂੰ 1927 ਕਰੋੜ 80 ਲੱਖ ਰੁਪਏ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ।
ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਦਿਆਲੂ ਯੋਜਨਾ ਤਹਿਤ 5 ਹਜ਼ਾਰ 429 ਪਰਿਵਾਰਾਂ ਨੂੰ 202 ਕਰੋੜ 99 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ। ਅੱਜ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਨੂੰ ਮਿਲਾ ਕੇ ਹੁਣ ਤੱਕ 97 ਹਜ਼ਾਰ 655 ਪਰਿਵਾਰਾਂ ਨੂੰ 3 ਹਜ਼ਾਰ 682 ਕਰੋੜ 83 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਧਨਤੇਰਸ ਦਾ ਤੋਹਫ਼ਾ ਦਿੰਦਿਆਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ 3 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ। ਇਹ ਵਾਧਾ 1 ਜੁਲਾਈ, 2026 ਤੋਂ ਲਾਗੂ ਹੋਵੇਗਾ। ਇਸ ਨਾਲ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀ ਦਰ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਗਈ ਹੈ।
ਇਸ ਵਾਧੇ ਨਾਲ ਸੂਬਾ ਸਰਕਾਰ ਦੇ ਲਗਭਗ 2 ਲੱਖ 78 ਹਜ਼ਾਰ ਨਿਯਮਤ ਮੁਲਾਜ਼ਮਾਂ ਅਤੇ ਕਰੀਬ 2 ਲੱਖ 60 ਹਜ਼ਾਰ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਨ੍ਹਾਂ ਤੋਂ ਇਲਾਵਾ, ਬੋਰਡਾਂ, ਨਿਗਮਾਂ, ਖੁਦਮੁਖਤਿਆਰ ਸੰਸਥਾਵਾਂ, ਜਨਤਕ ਖੇਤਰ ਦੇ ਅਦਾਰਿਆਂ ਆਦਿ ਦੇ ਮੁਲਾਜ਼ਮਾਂ ਨੂੰ ਵੀ ਇਸੇ ਅਨੁਸਾਰ ਲਾਭ ਮਿਲੇਗਾ। ਇਸ ਨਾਲ ਵਿੱਤੀ ਵਰ੍ਹੇ 2026-27 ਲਈ ਸੂਬੇ ਦੇ ਖ਼ਜ਼ਾਨੇ ‘ਤੇ 545 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।




