July 7, 2024 1:57 pm
ਵੈਸਾਖੀ

ਵੈਸਾਖੀ ਮੌਕੇ ‘ਤੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ

ਚੰਡੀਗੜ੍ਹ 06 ਅਪ੍ਰੈਲ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੈਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ‘ਚ ਸ਼ਮੂਲੀਅਤ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ, ਇਹ ਜੱਥਾ 21 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਵੈਸਾਖੀ ਮੌਕੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ।

ਉਨ੍ਹਾਂ ਜੱਥੇ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਦਾ ਜੱਥਾ 12 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪੁੱਜੇਗਾ। 14 ਅਪ੍ਰੈਲ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਉਪਰੰਤ ਸਿੱਖ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਹੁੰਚਣਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਉਪਰੰਤ 16 ਅਪ੍ਰੈਲ ਨੂੰ ਇਹ ਜੱਥਾ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਾਵੇਗਾ। ਇਸੇ ਦੌਰਾਨ 17-18 ਅਪ੍ਰੈਲ ਨੂੰ ਸਿੱਖ ਸ਼ਰਧਾਲੂ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਨਤਮਸਤਕ ਹੋਣਗੇ।

ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 21 ਅਪ੍ਰੈਲ ਨੂੰ ਇਹ ਜੱਥਾ ਵਾਪਸ ਭਾਰਤ ਪਰਤੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸ਼ਰਧਾਲੂਆਂ ਲਈ ਕੋਰੋਨਾ ਦੇ ਚੱਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੀਕਾਕਰਣ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣ ਦੇ ਨਾਲ-ਨਾਲ 72 ਘੰਟੇ ਪਹਿਲਾਂ ਕੋਰੋਨਾ ਟੈਸਟ ਕਰਵਾਉਣਾ ਜਰੂਰੀ ਹੈ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਕੀਤਾ ਜਾ ਰਿਹਾ ਹੈ। ਸ. ਆਹਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ 9 ਅਤੇ 10 ਅਪ੍ਰੈਲ ਨੂੰ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਕੋਰੋਨਾ ਜਾਂਚ ਕੈਂਪ ਲਗਾਇਆ ਜਾਵੇਗਾ।