ਚੰਡੀਗੜ੍ਹ 01 ਅਪ੍ਰੈਲ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਚੰਡੀਗੜ੍ਹ ਮੁੱਦੇ ‘ਤੇ ਆਮ ਆਦਮੀ ਪਾਰਟੀ ਨੂੰ ਘੇਰਿਆ । ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ । ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕ ਸਭਾ ‘ਚ ਇਕੱਲੇ ਭਗਵੰਤ ਮਾਨ ਹੀ ਪੰਜਾਬ ਦੇ ਮੁੱਦੇ ਉਠਾਉਂਦੇ ਰਹੇ ਹਨ, ਉਨ੍ਹਾਂ ਦੇ ਇਸ ਬਿਆਨ ‘ਤੇ ਬਾਜਵਾ ਨੇ ਇਤਰਾਜ਼ ਪ੍ਰਗਟਾਇਆ।
ਉਨ੍ਹਾਂ ਨੇ ਕਿਹਾ ਕਿ ਸਿਰਫ਼ ਭਗਵੰਤ ਮਾਨ ਹੀ ਨਹੀਂ, ਸਗੋਂ ਹੋਰ ਸੰਸਦ ਮੈਂਬਰ ਵੀ ਪੰਜਾਬ ਦੇ ਮੁੱਦੇ ਉਠਾਉਂਦੇ ਹਨ। ਇਸ ਤੋਂ ਬਾਅਦ ਸਦਨ ‘ਚ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਹਰਪਾਲ ਚੀਮਾ (Harpal Singh Cheema) ਨੇ ਉਨ੍ਹਾਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਦਾ ਵਿਰੋਧੀ ਧਿਰ ਦਾ ਨੇਤਾ ਕੌਣ ਹੈ, ਉਨ੍ਹਾਂ ਨੂੰ ਅੱਗੇ ਲਿਆਓ। ਇਸਦੇ ਨਾਲ ਹੀ CM ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਾਂਗਰਸ ਨੇ ਸਾਢੇ ਚਾਰ ਸਾਲਾਂ ਦੌਰਾਨ ਕੁਝ ਨਹੀਂ ਕੀਤਾ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਸਿਰਫ਼ ਸਿਸਵਾਂ ਦੇ ਮਹਿਲ ਦੇ ਦਰਵਾਜ਼ੇ ਖੁੱਲ੍ਹੇ ਹੋਣਗੇ, ਇਹ ਹੀ ਕਾਫ਼ੀ ਹੈ।