ਗੁਰੂ ਅਰਜਨ ਦੇਵ ਜੀ

ਪੰਜਵੇਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜੇ ‘ਤੇ ਸ੍ਰੀ ਦਰਬਾਰ ਸਾਹਿਬ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਮੱਥਾ ਟੇਕਿਆ

ਅੰਮ੍ਰਿਤਸਰ, 10 ਜੂਨ 2024: ਸ਼ਹੀਦਾਂ ਦੇ ਸਿਰਤਾਜ ਅਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ।

ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ ‘ਚ ਇਸ਼ਨਾਨ ਕਰਕੇ ਗੁਰੂ ਘਰ ‘ਚ ਹਾਜ਼ਰੀ ਲਗਵਾ ਰਹੀਆਂ ਹਨ। ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ। ਆਈਆਂ ਸੰਗਤਾਂ ਨੇ ਗੁਰੂ ਚਰਨਾਂ ‘ਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਸ੍ਰੀ  ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਕਿ ਅੱਜ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦੀ ਜਰੂਰਤ ਹੈ ਅਤੇ ਅੱਜ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਉੱਤੇ ਸੰਗਤਾਂ ਨੂੰ ਆਪਣੇ ਨਜ਼ਦੀਕੀ ਗੁਰੂ ਘਰਾਂ ਵਿੱਚ ਜਾ ਕੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ।

 

Scroll to Top