ਪਟਿਆਲਾ, 11 ਜੁਲਾਈ 2023: ਪਟਿਆਲਾ ਜ਼ਿਲ੍ਹੇ ਵਿੱਚ ਮੀਂਹ ਦੇ ਪਾਣੀ ਦੇ ਰੂਪ ਵਿੱਚ ਆਈ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਵੱਲੋਂ ਲਗਾਤਾਰ ਰਾਹਤ ਤੇ ਬਚਾਅ ਕਾਰਜ ਕੀਤੇ ਜਾ ਰਹੇ ਹਨ। ਪਟਿਆਲਾ ਦੇ ਅਰਬਨ ਅਸਟੇਟ ਦੇ ਖੇਤਰ (Urban Estate Area) ‘ਚ ਆਏ ਪਾਣੀ ਦੇ ਪੱਧਰ ‘ਚ ਹੁਣ ਵਾਧਾ ਨਹੀਂ ਹੋ ਰਿਹਾ ਹੈ ਤੇ ਪਾਣੀ ਦੇ ਛੇਤੀ ਘਟਣ ਦੀ ਉਮੀਦ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅਰਬਨ ਅਸਟੇਟ ਖੇਤਰ ਵਿੱਚ ਕਾਫ਼ੀ ਗਿਣਤੀ ਵਿੱਚ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ, ਜਦਕਿ ਇਹ ਕਾਰਜ ਅਜੇ ਵੀ ਜਾਰੀ ਹੈ।
ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਆਪਣੇ ਘਰ ਵਿੱਚ ਸੁਰੱਖਿਅਤ ਹਨ ਉਨ੍ਹਾਂ ਨੂੰ ਖਾਣ ਪੀਣ ਸਮੇਤ ਜ਼ਰੂਰੀ ਵਸਤਾਂ ਦੀ ਉਪਲਬਧਤਾ ਵੀ ਕਰਵਾਈ ਜਾ ਰਹੀ ਹੈ। ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਲੋਕਾਂ ਨੂੰ ਬਾਹਰ ਕੱਢਣ ਲਈ ਕੰਮ ਕੀਤਾ ਗਿਆ ਹੈ ਜਿਨ੍ਹਾਂ ਨੂੰ ਕੋਈ ਮੈਡੀਕਲ ਸੇਵਾਵਾਂ ਦੀ ਲੋੜ ਸੀ ਤੇ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਬਣਾਈ ਜਾ ਰਹੀ ਹੈ ਜਿਥੇ ਹਾਲੇ ਤੱਕ ਕਿਸ਼ਤੀ ਨਹੀਂ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਨਾਲ ਘਿਰੇ ਹਰੇਕ ਵਿਅਕਤੀ ਤੱਕ ਪਹੁੰਚ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਫ਼ੌਜ ਦੀਆਂ ਟੀਮਾਂ ਨਿਰੰਤਰ ਕਾਰਜਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਵੀ ਇਸ ਕੁਦਰਤੀ ਆਫ਼ਤ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਘਬਰਾਹਟ ਵਿੱਚ ਆਉਣ ਵਾਲੀ ਗੱਲ ਨਹੀਂ ਹੈ ਕਿਉਂਕਿ ਹੁਣ ਪਾਣੀ ਦਾ ਫਲੋਅ ਘਟਿਆ ਹੈ ਅਤੇ ਪਿਛਿਓਂ ਵੀ ਪਾਣੀ ਦੀ ਮਾਤਰਾ ਵਿੱਚ ਕਮੀ ਆਈ ਹੈ। ਉਨ੍ਹਾਂ ਕਿਹਾ ਪਾਣੀ ਦੀ ਮਾਤਰਾ ਹੁਣ ਸਮਾਣਾ ਤੇ ਪਾਤੜਾਂ ਦੇ ਖੇਤਰ ਵਿੱਚ ਵਧੀ ਹੈ। ਉਨ੍ਹਾਂ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦਾ ਅੜਿੱਕਾ ਪਾਉਣ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਨੇ ਕੋਈ ਸੁਝਾਅ ਦੇਣਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੁਝਾਅ ਦੇ ਸਕਦਾ ਹੈ।
ਹੜ੍ਹ ਕੰਟਰੋਲ ਰੂਮ ਦਾ ਸੰਪਰਕ ਨੰਬਰ 0175-2350550
ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈਣ ਲਈ ਹੜ੍ਹ ਕੰਟਰੋਲ ਰੂਮ ਦੇ ਨੰਬਰ 0175-2350550 ‘ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਖੁਦ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਵੱਲੋਂ ਲਗਾਤਾਰ ਹਾਲਾਤ ਦਾ ਜਾਇਜ਼ਾ ਵੀ ਲਿਆ ਜਾ ਰਿਹਾ ਹੈ। ਅੱਠ ਕਲੋਨੀ ਰਹਿਣਗੀਆਂ ਅਲਰਟ ਉਤੇ: ਡਿਪਟੀ ਕਮਿਸ਼ਨਰ ਨੇ ਅਹਿਤਿਆਦ ਵਜੋਂ ਅੱਠ ਕਲੋਨੀਆਂ ਦੇ ਵਾਸੀਆਂ ਨੂੰ ਚੌਕਸ ਰਹਿਣ ਦੀ ਅਪੀਲ ਵੀ ਕੀਤੀ। ਇਨ੍ਹਾਂ ਕਲੋਨੀਆਂ ਵਿੱਚ ਅਰਬਨ ਅਸਟੇਟ-1, ਚੌਰਾ, ਹੀਰਾ ਬਾਗ, ਗੋਬਿੰਦ ਬਾਗ, ਰੋਜ਼ ਕਲੋਨੀ, ਜਗਦੀਸ਼ ਕਲੋਨੀ, ਮਥੁਰਾ ਕਲੋਨੀ ਅਤੇ ਤੇਗ ਬਾਗ ਕਲੋਨੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ।
।