ਚੰਡੀਗੜ੍ਹ, 19 ਸਤੰਬਰ, 2023: ਪੰਜਾਬ ਸਰਕਾਰ ਪਿਛਲੇ ਛੇ ਮਹੀਨਿਆਂ ਤੋਂ ਕੇਂਦਰ ਸਰਕਾਰ ਤੋਂ ਪੇਂਡੂ ਵਿਕਾਸ ਫੰਡ (RDF) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਹੁਣ ਤੱਕ ਕੇਂਦਰ ਸਰਕਾਰ ਵੱਲੋਂ ਸੂਬੇ ਦੀ ਇਸ ਮੰਗ ‘ਤੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਛੇਵੀਂ ਵਾਰ ਮੁੱਖ ਮੰਤਰੀ ਪੰਜਾਬ ਦਫ਼ਤਰ ਤੋਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਆਰਡੀਐਫ (RDF) ਦੇ ਪੈਸੇ ਜਾਰੀ ਨਾ ਕਰਨ ’ਤੇ ਅਦਾਲਤ ਜਾਣ ਦੀ ਚਿਤਾਵਨੀ ਵੀ ਦਿੱਤੀ ਸੀ। ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਇਸ ਦੇ ਨਾਲ ਹੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਛੇਤੀ ਹੀ ਕੇਂਦਰੀ ਖੇਤੀਬਾੜੀ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਮਿਲ ਕੇ ਇਹ ਮੁੱਦਾ ਉਨ੍ਹਾਂ ਕੋਲ ਉਠਾਉਣਗੇ। ਹਾਲਾਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਪੰਜਾਬ ਖੁਦ ਵੱਖ-ਵੱਖ ਕੇਂਦਰੀ ਮੰਤਰੀਆਂ ਅੱਗੇ ਆਰਡੀਐਫ ਫੰਡ ਜਾਰੀ ਕਰਨ ਦੀ ਮੰਗ ਕਰਦੇ ਰਹੇ ਹਨ।
ਇਸ ਵਿੱਚ ਪਿਛਲੇ ਚਾਰ ਖਰੀਦ ਸੈਸ਼ਨਾਂ ਦਾ ਬਕਾਇਆ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) 3,600 ਕਰੋੜ ਰੁਪਏ ਹੈ, ਜੋ ਵਧ ਕੇ ਲਗਭਗ 4,000 ਕਰੋੜ ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦਾ ਵੀ 600 ਕਰੋੜ ਰੁਪਏ ਦਾ ਬਕਾਇਆ ਸੀ। ਇਸਦੇ ਨਾਲ ਹੀ ਸਪੈਸ਼ਲ ਕੈਪੀਟਲ ਅਸਿਸਟੈਂਸ (SCA) ਦੀ 1,600 ਕਰੋੜ ਰੁਪਏ ਦੀ ਰਾਸ਼ੀ ਵੀ ਜਾਰੀ ਨਹੀਂ ਕੀਤੀ ਗਈ।