ਚੰਡੀਗੜ੍ਹ 03 ਫਰਵਰੀ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਵੱਡਾ ਝੱਟਕਾ ਮਿਲਿਆ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਾਦਲ ਪਰਿਵਾਰ ਦੇ ਬਹੁਤ ਹੀ ਕਰੀਬੀ ਮੰਨੇ ਜਾਂਦੇ ਦਰਬਾਰਾ ਸਿੰਘ (Darbara Singh Guru) ਗੁਰੂ ਵੱਲੋਂ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦੇ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦੇ ਆਸਾਰ ਜਤਾਏ ਜਾ ਰਹੇ ਹਨ। ਜਿਕਰਯੋਗ ਹੈ ਕਿ ਦਰਬਾਰਾ ਸਿੰਘ ਗੁਰੂ ਅਕਾਲੀ ਸਰਕਾਰ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸੈਕਟਰੀ ਦੇ ਤੌਰ ਤੇ ਕੰਮ ਕਰਦੇ ਰਹੇ ਹਨ। 2012 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਬਰਨਾਲਾ ਜ਼ਿਲ੍ਹੇ ਦੇ ਹਲਕਾ ਭਦੌੜ ਤੋਂ ਚੋਣ ਲੜੀ ਸੀ, ਪ੍ਰੰਤੂ ਉਹ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਤੋਂ ਚੋਣ ਹਾਰ ਗਏ ਸਨ। ਹਲਕਾ ਭਦੌੜ ‘ਚ ਚੋਣ ਲੜਨ ਕਰਕੇ ਉਨ੍ਹਾਂ ਦਾ ਚੰਗਾ ਆਧਾਰ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੁਣ ਕਾਂਗਰਸ ਪਾਰਟੀ ਵੱਲੋਂ ਹਲਕਾ ਭਦੌੜ ਤੋਂ ਚੋਣ ਲੜ ਰਹੇ ਹਨ| ਇਸ ਤੋਂ ਇਲਾਵਾ 2017 ਵਿਧਾਨ ਸਭਾ ਚੋਣਾਂ ਦੌਰਾਨ ਉਨ੍ਹਾਂ ਨੂੰ ਪਾਰਟੀ ਨੇ ਫਤਹਿਗੜ੍ਹ ਸਾਹਿਬ ਦੇ ਵਿਧਾਨ ਸਭਾ ਹਲਕਾ ਬੱਸੀ ਪਠਾਣਾਂ ਤੋਂ ਚੋਣ ਲੜਾਈ ਸੀ। ਜਦ ਕਿ 2019 ਦੀ ਲੋਕ ਸਭਾ ਚੋਣ ਵੀ ਫਤਹਿਗੜ੍ਹ ਸਾਹਿਬ ਹਲਕੇ ਤੋਂ ਲੜ ਚੁੱਕੇ ਹਨ।
ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਦਾਵਰ ਆਗੂ ਦਰਬਾਰਾ ਸਿੰਘ ਗੁਰੂ ਨੂੰ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਟਿਕਟ ਨਹੀਂ ਦਿੱਤੀ ਗਈ। ਜਿਸਦੇ ਚੱਲਦੇ ਉਹ ਪਾਰਟੀ ਤੋਂ ਨਾਰਾਜ਼ ਚੱਲੇ ਆ ਰਹੇ ਸਨ ਜਿਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ। ਉੱਥੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਵੀ ਛੱਡ ਦਿੱਤੀ ਹੈ।
ਇਸਦੇ ਨਾਲ ਹੀ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਨਾਲ ਫਤਹਿਗੜ੍ਹ ਸਾਹਿਬ ਵਿਚਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਦੇ ਟਰੱਸਟ ਦੇ ਸੈਕਟਰੀ ਦੇ ਅਹੁਦੇ ਤੇ ਵੀ ਬਿਰਾਜਮਾਨ ਸਨ। ਇਸ ਅਹੁਦੇ ਤੋਂ ਵੀ ਦਰਬਾਰਾ ਸਿੰਘ ਗੁਰੂ ਨੇ ਅਸਤੀਫਾ ਦੇ ਦਿੱਤਾ ਹੈ।ਉਨ੍ਹਾਂ ਆਪਣਾ ਅਸਤੀਫ਼ਾ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।