ਚੰਡੀਗੜ੍ਹ 20 ਨਵੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਿਵਾਸ ਵਿਖੇ ਦੋ ਤਖ਼ਤਾਂ ਦੇ ਜਥੇਦਾਰ ਸਹਿਬਾਨਾਂ ਵੱਲੋਂ ਅੱਜ ਅਚਾਨਕ ਬੈਠਕ ਸੱਦੀ ਗਈ | ਹਾਲਾਂਕਿ ਇਹ ਬੈਠਕ ਕਿਹੜੇ ਮੁੱਦੇ ‘ਤੇ ਹੋਈ ਹੈ, ਇਸ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ ਗਿਆ |
ਇਸ ਬੈਠਕ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਵੀ ਸੱਦਿਆ ਗਿਆ |
ਇਸ ਬੈਠਕ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਏਜੰਡੇ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਪਰ, ਬਲਵਿੰਦਰ ਸਿੰਘ ਭੂੰਦੜ ਨੇ ਸਪੱਸ਼ਟ ਕੀਤਾ ਕਿ ਇਸ ਬੈਠਕ ‘ਚ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਕੋਈ ਚਰਚਾ ਨਹੀਂ ਹੋਈ। ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬੈਠਕ ‘ਚ ਹੋਈ ਚਰਚਾ ਬਾਰੇ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ। ਪਰ ਦੱਸਿਆ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਹਰ ਇੱਕ ਦੇ ਯਤਨ ਜਾਰੀ ਰਹਿਣਗੇ।
ਇਸ ਬੈਠਕ ‘ਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਪਹੁੰਚੇ। ਇਹ ਸਾਰੇ ਅੱਜ ਲੁਧਿਆਣਾ ਦੇ ਪਿੰਡ ਰਾਜੋਆਣਾ ‘ਚ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਦੇ ਭੋਗ ਤੋਂ ਪਰਤੇ ਸਨ। ਇੰਨਾ ਹੀ ਨਹੀਂ ਉਨ੍ਹਾਂ ਬਲਵੰਤ ਰਾਜੋਆਣਾ ਨਾਲ ਵੀ ਗੱਲਬਾਤ ਕੀਤੀ।