ਚੰਡੀਗੜ੍ਹ, 13 ਜੂਨ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ (Punjab State Traders Commission) ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।
ਬੈਠਕ ਦੌਰਾਨ ਵਰਮਾ ਨੇ ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ।
ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ ਕਰਨ ਲਈ ਸਰਕਾਰ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ।
ਸੁਖਾਵੇਂ ਮਾਹੌਲ ਵਿੱਚ ਹੋਈ ਇਸ ਬੈਠਕ ਦੌਰਾਨ ਵਰਮਾ ਨੇ ਭਰੋਸਾ ਦਿਵਾਇਆ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (Punjab State Traders Commission) ਵਪਾਰਕ ਭਾਈਚਾਰੇ ਦੇ ਵਿਕਾਸ ਅਤੇ ਸਫਲਤਾ ਲਈ ਤਨਦੇਹੀ ਨਾਲ ਕੰਮ ਕਰਦਾ ਰਹੇਗਾ।