ਚੰਡੀਗੜ੍ਹ 03 ਦਸੰਬਰ 2022: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਨੂੰ ਲੈ ਕੇ ਨਵਾਂ ਖ਼ੁਲਾਸਾ ਹੋਇਆ ਹੈ। ਕਥਿਤ ਸ਼ਿਕਾਇਤ ਕਰਤਾ ਰਾਜਬਿੰਦਰ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਕਿ ਮੈਂ ਕਿਸੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਕੀਤੀ ਹੈ। ਮੇਰੇ ਨਾਂ ਦੀ ਦੁਰਵਰਤੋਂ ਹੋ ਰਹੀ ਹੈ, ਜਿਸ ਕਾਰਨ ਮੇਰੀ ਅਤੇ ਮੇਰੇ ਪਰਿਵਾਰ ਦੀ ਜਾਨ ਨੂੰ ਖਤਰਾ ਹੈ।
ਜਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਚਮਕੌਰ ਸਾਹਿਬ ਵਿਖੇ 19 ਨਵੰਬਰ 2021 ਨੂੰ ਉਦਘਾਟਨ ਕੀਤੇ ਗਏ ਦਾਸਤਾਨ-ਏ-ਸ਼ਹਾਦਤ ਥੀਮ ਪਾਰਕ ਦੇ ਉਦਘਾਟਨੀ ਸਮਾਗਮ ਦੇ ਪ੍ਰਬੰਧਾਂ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ। ਦੋਸ਼ ਲਾਇਆ ਗਿਆ ਹੈ ਕਿ ਇਹ ਭ੍ਰਿਸ਼ਟਾਚਾਰ ਚਰਨਜੀਤ ਸਿੰਘ ਚੰਨੀ ਦੇ ਬੇਟੇ ਦੇ ਵਿਆਹ ਦੇ ਖਰਚੇ ਨੂੰ ਐਡਜਸਟ ਕਰਨ ਲਈ ਕੀਤਾ ਗਿਆ ਸੀ।