ਚੰਡੀਗੜ੍ਹ 16 ਸਤੰਬਰ 2023: ਡੇਰਾ ਬਾਬਾ ਨਾਨਕ ਦੇ ਪਿੰਡ ਚੱਕਾਂਵਾਲੀ (Chakanwali) ‘ਚ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 50 ਦੇ ਕਰੀਬ ਬੱਚਿਆਂ ਵਿੱਚੋਂ ਦਰਜਨ ਦੇ ਕਰੀਬ ਬੱਚਿਆਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਤੇ ਦੋ ਬੱਚਿਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਬੱਚਿਆਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਹੈ।
ਹਾਦਸੇ ਤੋਂ ਬਾਅਦ ਮਾਪਿਆਂ ਨੇ ਮੌਕੇ ਉਤੇ ਪਹੁੰਚ ਕੇ ਬੱਚਿਆਂ ਨੂੰ ਆਪਣੇ-ਆਪਣੇ ਵਾਹਨਾਂ ਉਤੇ ਘਰ ਲੈ ਗਏ। ਇਸਦੇ ਨਾਲ ਬੱਸ ਵਿੱਚ ਚਾਰ ਅਧਿਆਪਕ ਵੀ ਸਵਾਰ ਸਨ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਬੱਚਿਆਂ ਦੇ ਮਾਪਿਆਂ ਮੁਤਾਬਕ ਡਰਾਈਵਰ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ | ਬੱਚਿਆਂ ਦੇ ਮਾਪਿਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸਦੀ ਕਈ ਵਾਰ ਸ਼ਿਕਾਇਤ ਸਕੂਲ ਪ੍ਰਬੰਧਕਾਂ ਨੂੰ ਦਿੱਤੀ ਗਈ ਸੀ |
ਇਸ ਮਾਮਲੇ ਨੂੰ ਲੈ ਕੇ ਸਕੂਲ ਦੇ ਪ੍ਰਿੰਸੀਪਲ ਰੇਣੂ ਬਾਲਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਹ ਸੂਚਨਾ ਮਿਲੀ ਕਿ ਬੱਸ ਹਾਦਸਾਗ੍ਰਸਤ ਹੋ ਗਈ ਹੈ, ਉਨ੍ਹਾਂ ਨੇ ਮੌਕੇ ਉਤੇ ਪਹੁੰਚ ਕੇ ਜਗਮੀਤ ਬੱਚਿਆਂ ਨੂੰ ਤੁਰੰਤ ਮੁੱਢਲੀ ਸਹਾਇਤਾ ਪ੍ਰਾਪਤ ਕਰਵਾਈ ਤੇ ਜਿਹੜੇ ਬੱਚੇ ਗੰਭੀਰ ਜ਼ਖ਼ਮੀ ਸਨ ਉਨ੍ਹਾਂ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਫਿਲਹਾਲ ਹੁਣ ਬੱਚਿਆਂ ਨੂੰ ਸਹੀ ਸਲਾਮਤ ਘਰਾਂ ਤੱਕ ਪਹੁੰਚਾ ਦਿੱਤਾ ਗਿਆ ਹੈ ਅਤੇ ਡਰਾਈਵਰ ਦੇ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਕਿਸੇ ਵੀ ਬੱਚਿਆਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਡਰਾਈਵਰ ਸਬੰਧੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ।