July 5, 2024 12:00 am
train accidents

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸੰਬੰਧੀ ਕਾਨੂੰਨ ਵਿਰੁੱਧ ਸੁਪਰੀਮ ਕੋਰਟ ‘ਚ ਜਨਹਿਤ ਪਟੀਸ਼ਨ ਦਾਇਰ

ਚੰਡੀਗੜ੍ਹ, 02 ਜਨਵਰੀ 2024: ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਜੁੜੇ ਕਾਨੂੰਨ ਵਿਰੁੱਧ ਸੁਪਰੀਮ ਕੋਰਟ (Supreme Court) ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਅਦਾਲਤ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਕੇਂਦਰ ਸਰਕਾਰ ਨੂੰ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਇੱਕ ਨਿਰਪੱਖ ਅਤੇ ਸੁਤੰਤਰ ਚੋਣ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦੇਣ। ਜਨਹਿਤ ਪਟੀਸ਼ਨ (ਪੀਆਈਐਲ) ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਨੂੰ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਵਿੱਚ ਪੂਰੀ ਪਾਰਦਰਸ਼ਤਾ ਬਣਾਈ ਰੱਖਣੀ ਚਾਹੀਦੀ ਹੈ।

ਸੁਪਰੀਮ ਕੋਰਟ (Supreme Court)  ‘ਚ ਦਾਇਰ ਅਰਜ਼ੀ ‘ਚ ਕਿਹਾ ਗਿਆ ਹੈ ਕਿ ਦੇਸ਼ ‘ਚ ਚੋਣਾਂ ‘ਚ ਪਾਰਦਰਸ਼ਤਾ ਲਿਆਉਣ ਲਈ ਮੁੱਖ ਚੋਣ ਕਮਿਸ਼ਨਰ ਦੇ ਨਿਯੁਕਤੀ ਪੈਨਲ ‘ਚ ਚੀਫ ਜਸਟਿਸ ਨੂੰ ਸ਼ਾਮਲ ਕੀਤਾ ਜਾਵੇ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਆਪਣੇ ਇੱਕ ਫੈਸਲੇ ਵਿੱਚ ਕਿਹਾ ਸੀ ਕਿ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਪੈਨਲ ਵਿੱਚ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਚੀਫ਼ ਜਸਟਿਸ ਸ਼ਾਮਲ ਹੋਣਗੇ, ਜਦੋਂ ਤੱਕ ਕੋਈ ਕਾਨੂੰਨ ਨਹੀਂ ਲਿਆਂਦਾ ਜਾਂਦਾ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਨਵਾਂ ਕਾਨੂੰਨ ਲਿਆ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਪਲਟ ਦਿੱਤਾ।

ਸੋਧੇ ਹੋਏ ਕਾਨੂੰਨ ਦੇ ਅਨੁਸਾਰ, ਸੀਜੇਆਈ ਨੂੰ ਚੋਣ ਪੈਨਲ ਵਿੱਚੋਂ ਹਟਾ ਦਿੱਤਾ ਗਿਆ ਸੀ ਅਤੇ ਇਸਦੀ ਥਾਂ ਪ੍ਰਧਾਨ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਪ੍ਰਧਾਨ ਮੰਤਰੀ ਦੁਆਰਾ ਨਾਮਜ਼ਦ ਇੱਕ ਕੈਬਨਿਟ ਮੰਤਰੀ ਨੂੰ ਨਿਯੁਕਤ ਕੀਤਾ ਗਿਆ ਸੀ। ਇਹ ਪਟੀਸ਼ਨ ਵਕੀਲ ਗੋਪਾਲ ਸਿੰਘ ਵੱਲੋਂ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਕਾਨੂੰਨ ਵਿੱਚ ਸੋਧ ਨੂੰ ਲੈ ਕੇ ਦਾਇਰ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ 28 ਦਸੰਬਰ ਨੂੰ ਇੱਕ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਵਿੱਚ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਨਵੇਂ ਨਿਯਮਾਂ ਦਾ ਜ਼ਿਕਰ ਕੀਤਾ ਗਿਆ ਹੈ।