ਚੰਡੀਗੜ੍ਹ, 31 ਅਕਤੂਬਰ 2023: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਨੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੱਦੀ ਗਈ ਬਹਿਸ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।
ਮੰਗਲਵਾਰ ਨੂੰ ਪਾਰਟੀ (Aam Aadmi Party) ਹੈਡਕੁਆਰਟਰ ਤੋਂ ਬੁਲਾਰੇ ਗੋਵਿੰਦਰ ਮਿੱਤਲ ਦੇ ਨਾਲ ਮੀਡੀਆ ਨੂੰ ਸੰਬੋਧਨ ਕਰਦਿਆਂ ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਦੇ ਆਗੂ ਪ੍ਰੈੱਸ ਕਾਨਫਰੰਸ ਕਰਕੇ ਇਸ ਚਰਚਾ ਤੋਂ ਪਿੱਛੇ ਹਟਣ ਦਾ ਬਹਾਨਾ ਬਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਇਹ ਬਹਿਸ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਕੇਂਦਰਿਤ ਹੋਵੇਗੀ ਜਿਵੇਂ ਕਿ ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਹੈ। ਭਗਵੰਤ ਮਾਨ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਬਹਿਸ ਲਈ ਸਾਂਝੇ ਮੰਚ ‘ਤੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਲੁੱਟਣ ਵਾਲੇ ਸਾਰੇ ਭ੍ਰਿਸ਼ਟਾਚਾਰੀਆਂ ਦਾ ਪਰਦਾਫਾਸ਼ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਹਿਸ ਟੋਲ ਪਲਾਜ਼ਿਆਂ, ਨੌਜਵਾਨਾਂ, ਕਿਸਾਨਾਂ, ਖੇਤੀਬਾੜੀ, ਵਪਾਰੀਆਂ, ਪੰਜਾਬ ਦੇ ਪਾਣੀਆਂ ਅਤੇ ਗੁਰੂ ਸਾਹਿਬ ਦੀ ਬਾਣੀ ‘ਤੇ ਕੇਂਦਰਿਤ ਹੋਵੇਗੀ।