ਦਿੱਲੀ, 29 ਜੂਨ 2024: ਆਮ ਆਦਮੀ ਪਾਰਟੀ (AAP) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੀਬੀਆਈ ਵੱਲੋਂ ਗ੍ਰਿਫਤਾਰ ਕਰਨ ਦੇ ਖ਼ਿਲਾਫ਼ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਦਿੱਲੀ ‘ਚ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ‘ਆਪ’ ਆਗੂਆਂ ਨੇ ਅੱਜ ਦੇਸ਼ ਭਰ ‘ਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਇਸ ਧਰਨੇ ‘ਚ ਕਈ ਮੰਤਰੀਆਂ ਸਣੇ ਆਤਿਸ਼ੀ ਵੀ ਹਾਜ਼ਰ ਰਹੀ |
ਇਸ ਦੌਰਾਨ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ‘ਆਪ’ ਵਰਕਰਾਂ ਦਾ ਕਹਿਣਾ ਹੈ ਭਾਜਪਾ ਦਿੱਲੀ ‘ਚ ਸੱਤਾ ਹਾਸਲ ਕਰਨ ਲਈ ਅਜਿਹਾ ਕਰ ਰਹੀ ਹੈ | ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ ਨਾ ਖਰੀਦ ਸਕਣ ਤੋਂ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹੁਣ ਮੋਦੀ-ਮੋਦੀ ਦਾ ਨਾਅਰਾ ਵੀ ਨਹੀਂ ਲਗਾ ਪਾ ਰਹੀ ਹੈ।
ਆਪ’ (AAP) ਵਰਕਰਾਂ ਨੇ ਕਿਹਾ ਕਿ ਭਾਜਪਾ ਭਾਵੇਂ 303 ਤੋਂ 240 ‘ਤੇ ਆ ਗਈ ਹੈ ਪਰ ਅਜੇ ਵੀ ਲੋਕਾਂ ਦੇ ਸੰਦੇਸ਼ ਨੂੰ ਸਮਝ ਨਹੀਂ ਸਕੀ ਹੈ। ਹੁਣ ਵੀ ਭਾਜਪਾ ਸੰਸਦ ‘ਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਰਹੀ ਹੈ। ਉਨ੍ਹਾਂ ਕਿਹਾ ਜੇਕਰ ਕਿਸੇ ਮੁੱਖ ਮੰਤਰੀ ਨੇ ਦੱਬੇ-ਕੁਚਲੇ ਲੋਕਾਂ ਲਈ ਕੰਮ ਕੀਤਾ ਹੈ ਤਾਂ ਅਰਵਿੰਦ ਕੇਜਰੀਵਾਲ ਨੇ ਕੀਤਾ। ਕੇਜਰੀਵਾਲ ਨੇ ਹਰ ਵਿਅਕਤੀ, ਹਰ ਜਾਤ ਅਤੇ ਹਰ ਧਰਮ ਦੇ ਲੋਕਾਂ ਲਈ ਕੰਮ ਕੀਤਾ ਹੈ। ਭਾਜਪਾ ਦੀ ਕੇਂਦਰ ਸਰਕਾਰ ਵੀ ਇਹ ਚੰਗੀ ਤਰ੍ਹਾਂ ਜਾਣਦੀ ਹੈ।
ਇਸਦੇ ਨਾਲ ਹੀ ਇਨ੍ਹਾਂ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਰੋਕਣ ਲਈ ਭਾਰੀ ਗਿਣਤੀ ‘ਚ ਦਿੱਲੀ ਪੁਲਿਸ ਅਤੇ ਨੀਮ ਫੌਜੀਆਂ ਦੀ ਤਾਇਨਾਤੀ ਕੀਤੀ ਗਈ ਹੈ । ਪੁਲਿਸ ਵੱਲੋਂ ਇਨ੍ਹਾਂ ਨੂੰ ਭਾਜਪਾ ਦੇ ਮੁੱਖ ਦਫ਼ਤਰ ਵੱਲ ਨਹੀਂ ਜਾਣ ਦਿੱਤਾ ਜਾ ਰਿਹਾ । ਜਾਣਕਾਰੀ ਇਹ ਵੀ ਸਾਹਮਣੇ ਆਈ ਕਿ ਆਮ ਆਦਮੀ ਪਾਰਟੀ ਨੇ ਪ੍ਰਦਰਸ਼ਨ ਕਰਨ ਲਈ ਦਿੱਲੀ ਪੁਲਿਸ ਤੋਂ ਇਜਾਜ਼ਤ ਵੀ ਨਹੀਂ ਲਈ ਗਈ ਸੀ।