6 ਅਕਤੂਬਰ 2024: ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਪੰਚਾਇਤੀ ਚੋਣਾਂ ਦੌਰਾਨ ਵਿਧਾਨ ਸਭਾ ਹਲਕਾ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਵਰਕਰ ਨੂੰ ਗੋਲੀ ਮਾਰਨ ਦੇ ਮਾਮਲੇ ਵਿੱਚ ਪੀੜਤਾ ਦਾ ਹਾਲ-ਚਾਲ ਜਾਣਨ ਲਈ ਦੇਰ ਸ਼ਾਮ ਡੀਐਮਸੀ ਹਸਪਤਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਪੀੜਤ ਪਾਰਟੀ ਵਰਕਰ ਦਾ ਹਾਲ-ਚਾਲ ਪੁੱਛਿਆ ਅਤੇ ਉਸ ਦੇ ਪਰਿਵਾਰ ਦਾ ਹੌਸਲਾ ਵਧਾਇਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗਾ ਕਰਾਰ ਦਿੱਤਾ ਜਿਸ ਵਿੱਚ ਇੱਕ ਅਕਾਲੀ ਆਗੂ ਨੇ ਬੀਡੀਪੀਓ ਦਫ਼ਤਰ ਅੰਦਰ ਆਪਣੇ ਲਾਇਸੰਸੀ ਹਥਿਆਰ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਮਨਦੀਪ ਸਿੰਘ ਬਰਾੜ ਨੂੰ ਗੋਲੀ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਗੋਲੀ ਲੱਗਣ ਵਾਲੇ ਵਰਕਰ ਦਾ ਆਪਰੇਸ਼ਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।
ਦੂਜੇ ਪਾਸੇ ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦਾ ਪੰਚਾਇਤੀ ਜ਼ਮੀਨ ’ਤੇ ਕਬਜ਼ਾ ਹੈ। ਜਿਸ ਦਾ ਉਮੀਦਵਾਰ ਨੇ ਖੁਦ ਵਿਰੋਧ ਕੀਤਾ ਅਤੇ ਇਸੇ ਗੁੱਸੇ ਕਾਰਨ ਉਸ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਬਰਾੜ ਜ਼ਖਮੀ ਹੋ ਗਿਆ।