ਗੁਰਦਾਸਪੁਰ 01 ਮਈ 2023: ਵਿਰੋਧੀ ਧਿਰ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਐਤਵਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਆਲੋਚਨਾ ਕੀਤੀ ਕਿ ਉਸ ਨੇ ਆਪਣੇ ਸਥਾਨਕ ਅਤੇ ਸੀਨੀਅਰ ਆਗੂਆਂ ਨੂੰ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦੀ ਖੁੱਲ੍ਹੀ ਛੋਟ ਦਿੱਤੀ ਹੋਈ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਖੰਨਾ ਪੁਲਿਸ ਨੇ ਦੋ ਦੁਕਾਨਦਾਰਾਂ ਤੋਂ ਕਥਿਤ ਤੌਰ ‘ਤੇ ਪੈਸੇ ਵਸੂਲਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਵਿੱਚ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਮੇਤ ‘ਆਪ’ ਦੇ 7 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਦੁਕਾਨਦਾਰਾਂ ਨੂੰ ਮੁਲਜ਼ਮਾਂ ਨੇ ਉਨ੍ਹਾਂ ਦੀਆਂ ਦੁਕਾਨਾਂ ਦੇ ਅੰਦਰ ਬੰਦੀ ਬਣਾ ਕੇ ਰੱਖਿਆ ਸੀ ਤਾਂ ਜੋ ਪੈਸੇ ਵਸੂਲਣ ਲਈ ਦਬਾਅ ਪਾਇਆ ਜਾ ਸਕੇ।
“ਇੱਕ ਹੋਰ ਘਟਨਾ ਵਿੱਚ, ਕੱਟੜ ਇਮਾਨਦਾਰ ਪਾਰਟੀ ਦਾ ਪਰਦਾਫਾਸ਼ ਹੋ ਗਿਆ ਹੈ। ਕੀ ਇਹ ਉਸ ਕਿਸਮ ਦੀ ਤਬਦੀਲੀ ਹੈ, ਜੋ ਉਹ ਪੰਜਾਬ ਵਿੱਚ ਲਿਆਉਣ ਲਈ ਵਚਨਬੱਧ ਹਨ? ਇਸੇ ਤਰਾਂ ਦੀ ਇੱਕ ਘਟਨਾ ਵਿੱਚ, ਪੁਲਿਸ ਨੇ ਜਲਾਲਾਬਾਦ ਤੋਂ ‘ਆਪ’ ਵਿਧਾਇਕ ਜਗਦੀਪ ‘ਗੋਲਡੀ’ ਕੰਬੋਜ ਦੇ ਪਿਤਾ ਸੁਰਿੰਦਰ ਕੰਬੋਜ ਨੂੰ ਪੈਸੇ ਵਸੂਲਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ”, ਬਾਜਵਾ ਨੇ ਕਿਹਾ।
ਉਨ੍ਹਾਂ ਕਿਹਾ, “ਇਸ ਤੋਂ ਪਹਿਲਾਂ ਵੀ ‘ਆਪ’ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਰਿਸ਼ਵਤਖ਼ੋਰੀ ਅਤੇ ਜਬਰੀ ਵਸੂਲੀ ਦੇ ਮਾਮਲਿਆਂ ਨਾਲ ਜੋੜਿਆ ਗਿਆ ਹੈ। ਇਸ ਦੌਰਾਨ, ਮੈਂ ਇਹ ਪਤਾ ਕਰਨ ਵਿੱਚ ਅਸਮਰਥ ਹਾਂ ਕਿ ਕੀ ਉਹ ਕੋਈ ਸਿਆਸੀ ਪਾਰਟੀ ਚਲਾ ਰਹੇ ਹਨ ਜਾਂ ਫਿਰੌਤੀ ਮੰਗਣ ਵਾਲਿਆਂ ਦਾ ਗਿਰੋਹ?
ਇੱਕ ਬਿਆਨ ਵਿਚ ਬਾਜਵਾ (Partap Singh Bajwa) ਨੇ ਕਿਹਾ ਕਿ ਪਿਛਲੇ ਸਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਦੇ ਸਾਬਕਾ ਸਿਹਤ ਮੰਤਰੀ ਡਾ ਵਿਜੇ ਸਿੰਗਲਾ ‘ਤੇ ਟੈਂਡਰਾਂ ‘ਤੇ 1 ਫ਼ੀਸਦੀ ਕਮਿਸ਼ਨ ਦੀ ਮੰਗ ਕਰਨ ਦਾ ਦੋਸ਼ ਲਾਉਣ ਤੋਂ ਬਾਅਦ ਉਨ੍ਹਾਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਇਸ ਦੇ ਸਬੂਤ ਕਦੇ ਵੀ ਜਨਤਕ ਨਹੀਂ ਕੀਤੇ ਗਏ ਸਨ।
ਇਸੇ ਤਰਾਂ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਨੇ ਮੁੱਖ ਵਿਰੋਧੀ ਪਾਰਟੀ ਕਾਂਗਰਸ ਪਾਰਟੀ ਦੇ ਲਗਾਤਾਰ ਦਬਾਅ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ, ਉਸ ‘ਤੇ ਅਜੇ ਮੁਕੱਦਮਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ‘ਆਪ’ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਤੋਂ ਝਿਜਕ ਰਹੀ ਹੈ। ਕਾਂਗਰਸ ਪਾਰਟੀ ਵੱਲੋਂ ਅਜਿਹਾ ਕਰਨ ਲਈ ਸਰਕਾਰ ‘ਤੇ ਦਬਾਅ ਪਾਉਣ ਤੋਂ ਬਾਅਦ ਹੀ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।