ਰੁਜ਼ਗਾਰ

ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ‘ਆਪ’ ਸਰਕਾਰ: ਡੀਸੀ ਦਫ਼ਤਰ ਕਰਮਚਾਰੀ ਯੂਨੀਅਨ

ਚੰਡੀਗੜ੍ਹ 30 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੀ.ਐੱਮ.ਐੱਸ.ਯੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਦੇ ਦਮ ‘ਤੇ ਹੀ ਸੱਤਾ ‘ਚ ਆਈ ਹੈ। ਮਾਨ ਸਰਕਾਰ ਨੇ ਜੋ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ। ਯੂਨੀਅਨ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮਾਂ ਨੂੰ ਧਮਕੀਆਂ ਦੇਣ ਦੀ ਬਜਾਏ ਉਨ੍ਹਾਂ ਨਾਲ ਬੈਠ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ। ਮੁਲਾਜ਼ਮਾਂ ਦੀਆਂ ਤਰੱਕੀਆਂ ਤੋਂ ਲੈ ਕੇ ਪੈਨਸ਼ਨ ਤੱਕ ਦੇ ਮਾਮਲੇ ਫਸੇ ਹੋਏ ਹਨ।

ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ 11 ਤੋਂ 13 ਸਤੰਬਰ ਤੱਕ ਕਲਮ-ਛੋੜ ਹੜਤਾਲ ਦਾ ਐਲਾਨ ਕੀਤਾ ਗਿਆ ਹੈ, ਜਿਸ ’ਤੇ ਉਹ ਡਟੇ ਹੋਏ ਹਨ। ਮੁੱਖ ਮੰਤਰੀ ਦੀ ਚਿਤਾਵਨੀ ਖ਼ਿਲਾਫ਼ ਸਾਰੇ ਮੁਲਾਜ਼ਮਾਂ ਦੇ ਪਰਿਵਾਰ ਸੜਕਾਂ ’ਤੇ ਉਤਰਨਗੇ। ਉਹ ਸਰਕਾਰ ਤੋਂ ਕੋਈ ਗੈਰ-ਕਾਨੂੰਨੀ ਮੰਗ ਨਹੀਂ ਕਰ ਰਹੇ ਸਗੋਂ ਆਪਣਾ ਹੱਕ ਮੰਗ ਰਹੇ ਹਨ। ਉਨ੍ਹਾਂ ਦੀ ਹੜਤਾਲ ਵਿਚ ਅਜੇ 10 ਦਿਨ ਤੋਂ ਵੱਧ ਸਮਾਂ ਬਾਕੀ ਹੈ। ਮੁੱਖ ਮੰਤਰੀ ਨੂੰ ਉਨ੍ਹਾਂ ਨੂੰ ਮੀਟਿੰਗ ਲਈ ਸੱਦਣਾ ਚਾਹੀਦਾ ਸੀ।

ਇਸਦੇ ਨਾਲ ਹੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਨੇ ਪਲਟਵਾਰ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੀਆਂ ‘ਧਮਕੀਆਂ’ ਤੋਂ ਡਰਨ ਵਾਲੇ ਨਹੀਂ ਹਨ ਅਤੇ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਕਲਮਛੋੜ ਹੜਤਾਲ ਕਰਨਗੇ। ਇਸਦੇ ਨਾਲ ਹੀ ਆਪਣੇ ਸਾਥੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਹਰਵੀਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਸਹਿਯੋਗੀ ਵਿਰੁੱਧ ਐਫਆਈਆਰ ਦਰਜ ਕੀਤੀ ਹੈ ਅਤੇ ਐਫਆਈਆਰ ਵਿੱਚ ਕਿਤੇ ਵੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਐਫਆਈਆਰ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਉਹ ਇਸਦਾ ਵਿਰੋਧ ਕਰਨਗੇ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਨੂੰਨਗੋਆਂ, ਪਟਵਾਰੀਆਂ ਅਤੇ ਡੀਸੀ ਦਫ਼ਤਰ ਦਫ਼ਤਰ ਦੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਮੁਤਾਬਕ ਪਟਵਾਰੀ (Patwari) ਅਤੇ ਕਾਨੂੰਨਗੋ ਕਿਸੇ ਰਿਸ਼ਵਤ ਮਾਮਲੇ ‘ਚ ਫਸੇ ਅਪਣੇ ਇੱਕ ਸਾਥੀ ਦੇ ਹੱਕ ‘ਚ ਅਤੇ ਡੀਸੀ ਦਫ਼ਤਰ ਕਰਮਚਾਰੀ ਆਪਣੀਆਂ ਨਿੱਜੀ ਮੰਗਾਂ ਨੂੰ ਲੈ ਕੇ ਆਉਂਦੇ ਦਿਨਾਂ ਚ ਕਲਮ ਛੋੜ੍ਹ ਹੜਤਾਲ ਕਰਨਗੇ |

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਦੱਸਣਾ ਚਾਹੁੰਦਾ ਹਾਂ ਕਿ ਕਲਮ ਛੋੜ੍ਹ ਹੜਤਾਲ ਕਰੋ ਪਰ ਬਾਅਦ ਵਿੱਚ ਕਲਮ ਤੁਹਾਡੇ ਹੱਥਾਂ ‘ਚ ਦੇਣੀ ਹੈ ਜਾਂ ਨਹੀਂ ਇਹ ਫੈਸਲਾ ਪੰਜਾਬ ਸਰਕਾਰ ਕਰੇਗੀ | ਸਾਡੇ ਕੋਲ ਬਹੁਤ ਪੜ੍ਹੇ ਲਿਖੇ ਬੇਰੁਜ਼ਗਾਰ ਮੌਜੂਦ ਹਨ ਜੋ ਤੁਹਾਡੇ ਵਾਲੀਆਂ ਕਲਮਾਂ ਫੜ੍ਹਣ ਨੂੰ ਤਿਆਰ ਬੈਠੇ ਹਨ | ਪੰਜਾਬ ਦੇ ਲੋਕਾਂ ਦੀ ਖੱਜਲ ਖ਼ੁਆਰੀ ਨਹੀ ਹੋਣ ਦਿੱਤੀ ਜਾਵੇਗੀ |

Scroll to Top