ਸਰਕਾਰੀ ਨੌਕਰੀਆਂ

‘ਆਪ’ ਸਰਕਾਰ ਨੇ ਪੰਜਾਬ ‘ਚ ਹੁਣ ਤੱਕ 58962 ਸਰਕਾਰੀ ਨੌਕਰੀਆਂ ਦਿੱਤੀਆਂ: CM ਭਗਵੰਤ ਮਾਨ

ਅੰਮ੍ਰਿਤਸਰ, 08 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਪੰਜਾਬ ਰਾਜ ਬਿਜਲੀ ਨਿਗਮ ‘ਚ ਭਰਤੀ ਹੋਏ ਨਵ-ਨਿਯੁਕਤ 2105 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ | ਪੰਜਾਬ ਸਰਕਾਰ ਦੇ ਮੁਤਾਬਕ ਹੁਣ ਤੱਕ ਸੂਬੇ ‘ਚ 58962 ਸਰਕਾਰੀ ਨੌਕਰੀਆਂ ਦਿੱਤੀਆਂ ਹਨ |

ਮੁੱਖ ਮੰਤਰੀ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਸਰਕਾਰੀ ਮੈਡੀਕਲ ਕਾਲਜ ਦੇ ਆਡੀਟੋਰੀਅਮ ਵਿਖੇ ਸਮਾਗਮ ਦੌਰਾਨ ਨਿਯੁਕਤੀ ਪੱਤਰ ਸੌਂਪਣ ਮੌਕੇ ਕਿਹਾ ਕਿ ਬੇਰੋਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ। ਇਸ ਲਈ ਪੰਜਾਬ ਸਰਕਾਰ ਦਾ ਧਿਆਨ ਇਸ ਨੂੰ ਖ਼ਤਮ ਕਰਨ ’ਤੇ ਹੈ। ਭਗਵੰਤ ਮਾਨ ਨੇ ਕਿਹਾ ਕਿ ਆਪਣਾ ਅਹੁਦਾ ਸੰਭਾਲਣ ਦੇ ਕਰੀਬ ਸਾਢੇ ਤਿੰਨ ਸਾਲਾਂ ਦੇ ਅੰਦਰ ਹੁਣ ਤੱਕ 58962 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ |

ਮੁੱਖ ਮੰਤਰੀ ਮਾਨ ਦੇ ਮੁਤਾਬਕ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ‘ਚ 2023 ਲਾਈਨਮੈਨ, 48 ਇੰਟਰਨਲ ਆਡੀਟਰਜ਼ ਅਤੇ 35 ਰੈਵੇਨਿਊ ਅਕਾਊਂਟੈਂਟਸ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਅਪ੍ਰੈਲ 2022 ਤੋਂ ਹੁਣ ਤੱਕ ਇਨ੍ਹਾਂ ਦੋਵਾਂ ਨਿਗਮਾਂ ‘ਚ 8984 ਨਿਯੁਕਤੀਆਂ ਕੀਤੀਆਂ ਜਾ ਚੁੱਕੀਆਂ ਹਨ।

ਮੁੱਖ ਮੰਤਰੀ ਮਾਨ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਮਿਸਾਲ ਦਿੰਦਿਆਂ ਕਿਹਾ ਕਿ ਇਸ ਮਹਾਨ ਕੌਮੀ ਨਾਇਕ ਵੱਲੋਂ ਜੀਵਨ ਵਿੱਚ ਦੁਸ਼ਵਾਰੀਆਂ ਝੱਲ ਕੇ ਮਾਰੇ ਮਾਅਰਕੇ ਤੋਂ ਨੌਜਵਾਨਾਂ ਨੂੰ ਪ੍ਰੇਰਨਾ ਲੈ ਕੇ ਹਰੇਕ ਖ਼ੇਤਰ ‘ਚ ਮੱਲਾਂ ਮਾਰਨੀਆਂ ਚਾਹੀਦੀਆਂ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਅਸੀਂ ਸੱਤਾ ‘ਚ ਆਏ ਸੀ ਤਾਂ ਪਾਵਰਕਾਮ ਕਰਜ਼ੇ ‘ਚ ਡੁੱਬਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪਾਵਰਕਾਮ ਦਾ 2000 ਕਰੋੜ ਰੁਪਏ ਦਾ ਕਰਜ਼ਾ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਜੁਲਾਈ, 2022 ਤੋਂ 90 ਫੀਸਦੀ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਲੇ ਦੀ ਨਿਰਵਿਘਨ ਸਪਲਾਈ ਲਈ ਪਛਵਾੜਾ ਕੋਲ ਖਾਣ ਨੂੰ ਚਾਲੂ ਕਰਵਾਇਆ ਜਿਸ ਨਾਲ ਹੁਣ ਪੰਜਾਬ ‘ਚ ਸਰਪਲੱਸ ਕੋਲਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗੋਇੰਦਵਾਲ ਸਾਹਿਬ ਵਿਖੇ ਜੀ.ਵੀ.ਕੇ. ਕੰਪਨੀ ਦਾ ਥਰਮਲ ਪਲਾਂਟ ਸਾਡੀ ਸਰਕਾਰ ਨੇ 1080 ਕਰੋੜ ਰੁਪਏ ‘ਚ ਖਰੀਦਿਆ ਜਿਸ ਦਾ ਨਾਮ ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ।

ਮੁੱਖ ਮੰਤਰੀ ਨੇ ਪੰਜਾਬ ਦੇ ਮਸਲਿਆਂ ‘ਚ ਕੇਂਦਰ ਸਰਕਾਰ ਦੀ ਦਖ਼ਲਅੰਦਾਜ਼ੀ ਦੀ ਆਲੋਚਨਾ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਜਾਣਬੁੱਝ ਕੇ ਪੰਜਾਬ ਨੂੰ ਨਿਸ਼ਾਨਾ ਬਣਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦਾ ਫੈਸਲਾ ਸੂਬੇ ਦੀ ਗੌਰਵਸ਼ਾਲੀ ਵਿਰਾਸਤ ’ਤੇ ਸਿੱਧਾ ਹਮਲਾ ਦੱਸਿਆ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ ਇਕ ਵਿਦਿਅਕ ਸੰਸਥਾ ਨਹੀਂ ਸਗੋਂ ਇਸ ਨਾਲ ਪੰਜਾਬੀਆਂ ਦੀ ਜਜ਼ਬਾਤੀ ਸਾਂਝ ਹੈ ਜਿੱਥੇ ਤਿੰਨ-ਤਿੰਨ ਪੀੜ੍ਹੀਆਂ ਨੇ ਸਿੱਖਿਆ ਹਾਸਲ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਲਈ ਸਾਡੇ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅਸੀਂ ਵਿਰੋਧ ਕੀਤਾ | ਭਗਵੰਤ ਮਾਨ ਨੇ ਕਿਹਾ ਕਿ ਭਾਖੜਾ ਡੈਮ ਤੋਂ ਹਰਿਆਣਾ ਤੇ ਰਾਜਸਥਾਨ ਨੂੰ ਵਾਧੂ ਪਾਣੀ ਦੇਣ ਲਈ ਕੇਂਦਰ ਸਰਕਾਰ ਲਗਾਤਾਰ ਪੰਜਾਬ ਨਾਲ ਧੱਕੇਸ਼ਾਹੀ ਕਰ ਰਹੀ ਹੈ |

Read More: ਮਿਸ਼ਨ ਰੋਜ਼ਗਾਰ ਤਹਿਤ ਪਿਛਲੇ 35 ਮਹੀਨਿਆਂ ‘ਚ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤੀਆਂ ਨੌਕਰੀਆਂ: CM ਭਗਵੰਤ ਮਾਨ

Scroll to Top