July 7, 2024 7:00 am
aap

ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ‘ਆਪ’ ਨੇਤਾ ਹਰਪਾਲ ਸਿੰਘ ਚੀਮਾ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ 22 ਦਸੰਬਰ 2021 : ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ (Harpal Singh Cheema ) ਨੇ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲੰਮੇ ਸਮੇਂ ਤੋਂ ਵਾਪਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਲ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਇੱਕ ਵੱਡੀ ਸਿਆਸੀ ਸਾਜ਼ਿਸ਼ ਤਹਿਤ ਵਾਪਰੀਆਂ ਸਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਕਰੀਬ ਡੇਢ ਸਾਲ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਰਹੀ ਪਰ ਇਕ ਵੀ ਦੋਸ਼ੀ ਨਹੀਂ ਫੜਿਆ ਗਿਆ। ਹਰਪਾਲ ਚੀਮਾ ਨੇ ਕਿਹਾ ਕਿ ਸਾਲ 2017 ‘ਚ ਕਾਂਗਰਸ (Congress) ਦੀ ਸਰਕਾਰ ਬਣੀ ਅਤੇ ਲੋਕਾਂ ਨਾਲ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਹੁਣ 5 ਸਾਲ ਬੀਤ ਜਾਣ ‘ਤੇ ਵੀ ਲੋਕਾਂ ਨੂੰ ਕਿਸੇ ਤਰ੍ਹਾਂ ਦਾ ਇਨਸਾਫ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀ ਪੰਜਾਬ ‘ਚ ਸ਼ਰੇਆਮ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਹੋਰ ਅਜਿਹੀਆਂ ਘਟਨਾਵਾਂ ਵੋਟਾਂ ਦੇ ਨੇੜੇ ਹੀ ਵਾਪਰਦੀਆਂ ਹਨ ਤਾਂ ਜੋ ਲੋਕਾਂ ਨੂੰ ਡਰਾ ਧਮਕਾ ਕੇ ਵੋਟਾਂ ਲਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਜਾਂਦਾ ਹੈ ਤਾਂ ਜੋ ਲੋਕ ਅਸਲ ਮੁੱਦਿਆਂ ਤੋਂ ਭਟਕ ਜਾਣ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਸਾਰੀਆਂ ਰਵਾਇਤੀ ਪਾਰਟੀਆਂ ਤੋਂ ਵੱਡਾ ਖਤਰਾ ਪੈਦਾ ਹੋ ਗਿਆ ਹੈ ਅਤੇ ਰਵਾਇਤੀ ਪਾਰਟੀਆਂ ਵੱਲੋਂ ਪੰਜਾਬ ਨੂੰ ਵੰਡਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਸੱਤਾ ਹਾਸਲ ਕਰ ਸਕਣ।

ਹਰਪਾਲ ਸਿੰਘ ਚੀਮਾ (Harpal Singh Cheema ) ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸ਼ਾਹੀ ਸਾਜ਼ਿਸ਼ ਤਹਿਤ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੋ ਦਿਨਾਂ ਵਿੱਚ ਦੋਸ਼ੀਆਂ ਨੂੰ ਫੜਨ ਦਾ ਦਾਅਵਾ ਕੀਤਾ ਸੀ ਪਰ ਅਜੇ ਤੱਕ ਇਸ ਮਾਮਲੇ ਵਿੱਚ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵੋਟਾਂ ਨੇੜੇ ਹੋਣ ਕਰਕੇ ਹੀ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਭਿਆਨਕ ਸਾਜ਼ਿਸ਼ਾਂ ਤੋਂ ਦੂਰ ਰਹਿਣ ਲਈ ਕਿਹਾ ਹੈ। ਹਰਪਾਲ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਘਟਨਾਵਾਂ ਵਾਪਰ ਸਕਦੀਆਂ ਹਨ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।