ਮੋਹਾਲੀ 22 ਨਵੰਬਰ 2022: ਜਿਵੇਂ-ਜਿਵੇਂ ਗੁਜਰਾਤ (Gujarat) ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ, ਆਮ ਆਦਮੀ ਪਾਰਟੀ ਵਲੋਂ ਜ਼ੋਰਾਂ-ਸ਼ੋਰਾਂ ‘ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਪੰਜਾਬ ਕੈਬਿਨੇਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵਲੋਂ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ |
ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਗੁਜਰਾਤ ਚੋਣਾਂ ਲਈ ਗੁਜਰਾਤ ਦੇ ਪਿੰਡ ਜਬਲਾ, ਪਿੰਡ ਤਾਰੀਆਪੁਰਾ ਅਤੇ ਪਿੰਡ ਬਾਤਪੁਰਾ ਹਲਕਾ ਸਾਵਲੀ, ਵਡੋਦਰਾ ਵਿਖੇ ਪਹੁੰਚ ਕੇ ‘ਆਪ’ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਨੇ ਗੁਜਰਾਤ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ | ਇਸਦੇ ਨਾਲ ਹੀ ਪੰਜਾਬ ਅਤੇ ਦਿੱਲੀ ’ਚ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਨਵੇਂ ਕੰਮਾਂ ਬਾਰੇ ਵੀ ਚਾਨਣਾ ਪਾਇਆ।
ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਪਿਛਲੇ 27 ਸਾਲਾਂ ਤੋਂ ਭਾਜਪਾ ਦਾ ਰਾਜ ਹੈ, ਜਿਸ ਨੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਤੋਂ ਸਿਵਾਏ ਕੁਝ ਨਹੀਂ ਦਿੱਤਾ। ਹੁਣ ਸਮਾਂ ਆ ਗਿਆ ਹੈ ਜਦੋਂ ਗੁਜਰਾਤ ਦੇ ਲੋਕਾਂ ਨੂੰ ਬਦਲਾਅ ਦੇ ਪੱਖ ’ਚ ਵੋਟ ਪਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਕੋਈ ਸਮਝੌਤਾ ਨਹੀਂ ਕਰ ਸਕਦੀ |
ਉਨ੍ਹਾਂ ਕਿਹਾ ਕਿ ਪਹਿਲਾਂ ਦਿੱਲੀ ਅਤੇ ਹੁਣ ਪੰਜਾਬ ਅੰਦਰ ਮੁਫ਼ਤ ਬਿਜਲੀ, ਵਧੀਆ ਪ੍ਰਬੰਧਕੀ ਢਾਂਚਾ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਬਿਨਾਂ ਖੱਜਲ-ਖੁਆਰੀ ਤੋਂ ਝੋਨੇ ਅਤੇ ਹੋਰ ਫ਼ਸਲਾਂ ਦੀ ਖ਼ਰੀਦ, ਨਿਯਤ ਸਮੇਂ ’ਤੇ ਅਦਾਇਗੀ, ਗੈਂਗਸਟਰਵਾਦ ਨੂੰ ਨਕੇਲ, ਪਰਚੇ ਅਤੇ ਪਰਨਿਆਂ ਦੀ ਰਾਜਨੀਤੀ ਤੋਂ ਮੁਕਤੀ ਨੂੰ ਵੇਖਦੇ ਹੋਏ ਗੁਜਰਾਤ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਮੋਹਰ ਲਗਾਉਣ ਲਈ ਉਤਾਵਲੇ ਦਿਖਾਈ ਦੇ ਰਹੇ ਹਨ।
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਵਲੋਂ ਵੀ ਲਗਾਤਰ ਗੁਜਰਾਤ ਦੌਰੇ ਕੀਤੇ ਜਾ ਰਹੇ ਹਨ, ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਦੇ ਅੰਬਰਗਾਓਂ ਵਿਖੇ ਆਪਣੇ ਰੋਡ ਸ਼ੋਅ ਵਿੱਚ ਲੋਕਾਂ ਦੇ ਭਰਵੇਂ ਹੁੰਗਾਰੇ ਅਤੇ ਲੋਕਾਂ ਦੀ ਭਾਰੀ ਭੀੜ ਤੋਂ ਪ੍ਰਭਾਵਿਤ ਹੋ ਕੇ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀ ਹਨੇਰੀ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ (ਆਪ) ਆਗਾਮੀ ਵਿਧਾਨ ਸਭਾ ਚੋਣਾਂ ‘ਚ ਪਿਛਲੇ 27 ਸਾਲਾਂ ਤੋਂ ਸੱਤਾ ‘ਤੇ ਕਾਬਜ਼ ਭਾਜਪਾ ਦੇ ਗੜ੍ਹ ਨੂੰ ਢਹਿ-ਢੇਰੀ ਕਰਕੇ ਸ਼ਾਨਦਾਰ ਜਿੱਤ ਨਾਲ ਸਰਕਾਰ ਬਣਾਏਗੀ। ਤੁਹਾਨੂੰ ਦੱਸ ਦਈਏ ਕਿ ਗੁਜਰਾਤ ਵਿੱਚ 1 ਅਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ, ਨਤੀਜੇ 8 ਦਸੰਬਰ ਨੂੰ ਜਾਰੀ ਕੀਤੇ ਜਾਣਗੇ।