ਚੰਡੀਗੜ੍ਹ, 25 ਅਗਸਤ, 2023: ਮੁੱਖ ਮੰਤਰੀ ਭਗਵੰਤ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਾਲੇ ਤਲਖ਼ੀ ਵਧਦੀ ਜਾ ਰਹੀ ਹੈ | ਪੰਜਾਬ ਦੇ ਰਾਜਪਾਲ (Punjab Governor) ਬਨਵਾਰੀਲਾਲ ਪੁਰੋਹਤ ਨੇ ਮੁੱਖ ਮੰਤਰੀ ਮਾਨ ਖ਼ਿਲਾਫ਼ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ। ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਤੋਂ ਮੰਗੀ ਗਈ ਜਾਣਕਾਰੀ ਨਾ ਦੇਣ ‘ਤੇ ਸੰਵਿਧਾਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ| ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਇਸ ਮਾਮਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ |
ਵਿਧਾਇਕ ਗੁਰਦਿੱਤ ਸਿੰਘ ਸੇਖੋਂ (MLA Gurdit Singh Sekhon) ਨੇ ਟਵੀਟ ਕਰਕੇ ਲਿਖਿਆ , ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕਿਉਂ ਡਰੀ ਹੋਈ ਹੈ ? ਪਹਿਲਾਂ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਦਿੱਲੀ ਸੇਵਾਵਾਂ ਬਿੱਲ ਨੂੰ ਜ਼ਬਰਦਸਤੀ ਪਾਸ ਕਰਵਾ ਕੇ ਦਿੱਲੀ ਵਿੱਚ ਸਾਡੀ ਚੁਣੀ ਹੋਈ ਸਰਕਾਰ ਦੇ ਜਮਹੂਰੀ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਉਹ ਪੰਜਾਬ ਵਿੱਚ ਰਾਸ਼ਟਰਪਤੀ ਸਾਸ਼ਨ ਲਗਾਉਣ ਦੀਆਂ ਧਮਕੀਆਂ ਦੇ ਰਹੇ ਹਨ। ਆਮ ਆਦਮੀ ਪਾਰਟੀ ਸਰਕਾਰ ਸੂਬੇ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ ਅਤੇ ਕਰਦੀ ਰਹੇਗੀ, ਤੁਹਾਡੀਆਂ ਧਮਕੀਆਂ ਸਾਨੂੰ ਸਾਡੇ ਟੀਚੇ ਦੀ ਪ੍ਰਾਪਤੀ ਨੂੰ ਦੂਰ ਨਹੀਂ ਕਰ ਸਕਦੀਆਂ।