July 4, 2024 11:48 pm
bhagwant mann

ਭਗਵੰਤ ਮਾਨ ਦੀ ਅਗੁਵਾਈ ‘ਚ ‘ਆਪ’ ਵਿਧਾਇਕ ਇਸ ਦਿਨ ਜਾਣਗੇ ਕਰਤਾਰਪੁਰ ਸਾਹਿਬ

ਚੰਡੀਗੜ੍ਹ 17 ਨਵੰਬਰ 2021 : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਰਤਾਰਪੁਰ ਸਾਹਿਬ ਮਾਰਗ ਦੇ ਖੁੱਲ੍ਹਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ 19 ਨਵੰਬਰ ਨੂੰ ‘ਆਪ’ ਪੰਜਾਬ ਦੇ ਵਿਧਾਇਕ ਉਨ੍ਹਾਂ ਦੀ ਅਗਵਾਈ ਹੇਠ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਨਤਮਸਤਕ ਹੋਣ ਲਈ ਜਾਣਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਵਾਲੀ ਖਬਰੀ ਹੈ ਕਿ ਪਹਿਲੈ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘੇ ਨੂੰ ਖੋਲ੍ਹ ਦਿੱਤਾ ਗਿਆ ਹੈ ਅਤੇ ਸੰਗਤਾਂ ਨੂੰ ਦਰਸ਼ਨਾਂ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਉਸ ਧਰਤੀ ਦੀ ਮਿੱਟੀ ਆਪਣੇ ਨਾਲ ਲੈ ਕੇ ਆਵਾਂਗੇ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਖੇਤੀ ਕੀਤੀ ਸੀ।
ਇਕ ਵੀਡੀਓ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਗੁਰਦੁਆਰਾ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕਰੇਗੀ । ਉਨ੍ਹਾਂ ਕਿਹਾ ਕਿ ਜਿੱਥੇ ਗੁਰੂ ਸਾਹਿਬ ਨੇ ਆਪਣੇ ਜੀਵਨ ਦੇ ਆਖਰੀ 16 ਸਾਲ ਖੇਤੀ ਕੀਤੀ । ਉਥੋਂ ਮਿੱਟੀ ਲਿਆਵਾਂਗੇ, ਤਾਂ ਜੋ ਪੰਜਾਬ ਨੂੰ ਪੰਜਾਬ ਬਣਾਉਣ ਲਈ ਜੋ ਲੜਾਈ ਲੜੀ ਜਾ ਰਹੀ ਹੈ, ਉਸ ਲੜਾਈ ਵਿੱਚ ਪ੍ਰਮਾਤਮਾ ਸਾਡੇ ਅੰਗ-ਸੰਘ ਸਹਾਈ ਹੋਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਵੀ ਐਲਾਨ ਕਰ ਚੁੱਕੇ ਹਨ ਕਿ 18 ਨਵੰਬਰ ਨੂੰ ਉਹ ਅਤੇ ਉਨ੍ਹਾਂ ਦੀ ਸਮੁੱਚੀ ਪੰਜਾਬ ਕੈਬਨਿਟ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਸੀ ਕਿ ਭਾਵੇਂ ਇਸ ਲਾਂਘੇ ਨੂੰ ਖੋਲ੍ਹਣ ਦਾ ਫੈਸਲਾ ਦੇਰ ਨਾਲ ਲਿਆ ਗਿਆ ਹੈ ਪਰ ਫਿਰ ਵੀ ਉਹ ਕੇਂਦਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਨ, ਇਸ ਮੌਕੇ ਉਨ੍ਹਾਂ ਨੇ ਸਮੂਹ ਸੰਗਤਾਂ ਨੂੰ ਵਧਾਈਆਂ ਵੀ ਦਿੱਤੀਆਂ।