ਚੰਡੀਗੜ੍ਹ, 19 ਜੂਨ 2024: ਨੀਟ ਪ੍ਰੀਖਿਆ (NEET Exam) ਵਿੱਚ ਧਾਂਦਲੀ ਨੂੰ ਲੈ ਕੇ ਅੱਜ ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਸੂਬੇ ਦੇ ਦੋ ਕੈਬਿਨਟ ਮੰਤਰੀ ਅਤੇ ਕਈ ਵਿਧਾਇਕ ਪਹੁੰਚੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਪ੍ਰਦਰਸ਼ਨ ਜਲੰਧਰ ਦੇ ਡੀਸੀ ਦਫ਼ਤਰ ਦੇ ਬਾਹਰ ਧਰਨੇ ਵਾਲੀ ਥਾਂ ’ਤੇ ਅੱਜ ਸਵੇਰ ਤੋਂ ਹੀ ‘ਆਪ’ ਆਗੂ ਇਕੱਠੇ ਹੋਣੇ ਸ਼ੁਰੂ ਹੋ ਗਏ।
ਪ੍ਰਦਰਸ਼ਨ ਦੌਰਾਨ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਲੋਕਲ ਬਾਡੀਜ਼ ਮੰਤਰੀ ਬਲਕਾਰ ਸਿੰਘ, ਕਈ ਜ਼ਿਲ੍ਹਿਆਂ ਦੇ ਵਿਧਾਇਕ ਅਤੇ ਕਈ ਸੀਨੀਅਰ ਆਗੂ ਹਾਜ਼ਰ ਸਨ। ਪੂਰੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨ ਵਾਲੀ ਥਾਂ ‘ਤੇ ਭਾਰੀ ਪੁਲਿਸ ਸੁਰੱਖਿਆ ਤਾਇਨਾਤ ਰਹੀ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ 25 ਲੱਖ ਤੋਂ ਵੱਧ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਹੈ। ਇਸ ਧਾਂਦਲੀ (NEET Exam) ਵਿੱਚ ਕਈ ਆਗੂ ਤੇ ਅਧਿਕਾਰੀ ਸ਼ਾਮਲ ਹਨ। ਕੇਂਦਰ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਨਾ ਚਾਹੀਦਾ ਹੈ।