July 7, 2024 8:12 am
ਬਲਾਤਕਾਰ

ਪੀਲੀਭੀਤ ਬਲਾਤਕਾਰ ਪੀੜਤਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ: ਹਰਦੀਪ ਕੌਰ

ਮੋਹਾਲੀ 03 ਜੂਨ 2024: ਉੱਤਰ ਪ੍ਰਦੇਸ਼ ਦੇ ਪੀਲੀਭੀਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਧੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ‘ਤੇ ਗੁੱਸਾ ਜ਼ਾਹਰ ਕਰਦੇ ਹੋਏ ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ (ਰਜਿ) ਪੰਜਾਬ ਨੇ ਉੱਤਰ ਪ੍ਰਦੇਸ਼ ਦੀ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।

ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਦੀ ਕੌਮੀ ਪ੍ਰਧਾਨ ਅਤੇ ਮਹਿਲਾ ਕਾਰਕੁਨ ਹਰਦੀਪ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਲਿਖਿਆ ਪੱਤਰ ਮੀਡੀਆ ਨੂੰ ਜਾਰੀ ਕਰਦਿਆਂ ਕਿਹਾ ਕਿ ਪੀਲੀਭੀਤ ਵਿੱਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਨਾਬਾਲਗ ਧੀ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਨੇ ਜਿੱਥੇ ਉੱਤਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ, ਉੱਥੇ ਹੀ ਉੱਤਰ ਪ੍ਰਦੇਸ਼ ‘ਚ ਵੱਸਦੇ ਘੱਟ ਗਿਣਤੀਆਂ ‘ਚ ਅਸੁਰੱਖਿਆ ਦੀ ਭਾਵਨਾ ਵੀ ਪੈਦਾ ਕੀਤੀ ਹੈ।

ਹਰਦੀਪ ਕੌਰ ਨੇ ਆਪਣੇ ਪੱਤਰ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਦਿੱਤੇ ਭੈਅ-ਮੁਕਤ ਪ੍ਰਸ਼ਾਸਨ ਦੇ ਬਿਆਨਾਂ ’ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਨਬਾਲਗ ਦੇ ਦਿਲ ਤੇ ਦਿਮਾਗ ’ਤੇ ਡੂੰਘਾ ਪ੍ਰਭਾਵ ਪਾਉਂਦੀਆਂ ਹਨ। ਜਿਸ ਤੋਂ ਉਹ ਸਾਰੀ ਉਮਰ ਉੱਭਰ ਨਹੀਂ ਪਾਉਂਦੀਆਂ।

ਹਰਦੀਪ ਕੌਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਸਮੂਹਿਕ ਜਬਰ ਜਨਾਹ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਕੇਸ ਦੀ ਸੁਣਵਾਈ ਫਾਸਟ ਟਰੈਕ ਅਦਾਲਤ ਵਿੱਚ ਕਰਵਾਉਣ ਦੀ ਮੰਗ ਕੀਤੀ ਹੈ, ਤਾਂ ਜੋ ਪੀੜਤ ਨੂੰ ਛੇਤੀ ਤੋਂ ਛੇਤੀ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਯੂਪੀ ਸਰਕਾਰ ਨੂੰ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਅਦਾਲਤ ਵਿੱਚ ਇਸ ਕੇਸ ਨੂੰ ਜ਼ੋਰਦਾਰ ਤਰੀਕੇ ਨਾਲ ਪੇਸ਼ ਕਰਨਾ ਚਾਹੀਦਾ ਹੈ। ਹਰਦੀਪ ਕੌਰ ਨੇ ਕਿਹਾ ਕਿ ਜੇਕਰ ਪੀੜਤਾ ਨੂੰ ਇਨਸਾਫ਼ ਨਾ ਮਿਲਿਆ ਤਾਂ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਦਾ ਇੱਕ ਵਫ਼ਦ ਛੇਤੀ ਹੀ ਪੀਲੀਭੀਤ ਦਾ ਦੌਰਾ ਕਰਕੇ ਪੀੜਤਾ ਨੂੰ ਮਿਲੇਗਾ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰਨਗੇ।