ਚੰਡੀਗੜ੍ਹ/ਜਲੰਧਰ, 8 ਮਈ 2023: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਵੀਡੀਓ ਕਾਨਫਰੰਸ ਰਾਹੀਂ 10 ਮਈ ਨੂੰ ਹੋਣ ਜਾ ਰਹੀ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ ਤੇ ਹੋਰਨਾਂ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਮੁੱਖ ਚੋਣ ਅਧਿਕਾਰੀ ਨੂੰ ਆਦਰਸ਼ ਚੋਣ ਜ਼ਾਬਤੇ, ਪੋਲਿੰਗ ਸਟਾਫ਼, ਵੋਟਰ ਸਲਿੱਪਾਂ ਦੀ ਵੰਡ, ਵੈਬਕਾਸਟਿੰਗ, ਟਰਾਂਸਪੋਟੇਸ਼ਨ ਅਤੇ ਸੰਚਾਰ ਪਲਾਨ ਅਤੇ ਈ.ਵੀ.ਐਮ. ਸਟਰਾਂਗ ਰੂਮਜ਼ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਜਾਣੂ ਕਰਵਾਇਆ ਕਿ ਜ਼ਿਲ੍ਹੇ ਅੰਦਰ ਕਰੀਬ 98 ਫੀਸਦੀ ਲਾਇਸੰਸੀ ਹਥਿਆਰ ਜਮ੍ਹਾ ਕਰਵਾਏ ਜਾ ਚੁੱਕੇ ਹਨ। ਸੁਰੱਖਿਆ ਬਲਾਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਮਨੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਢੁੱਕਵਾਂ ਤਾਇਨਾਤੀ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਚੋਣਾਂ ਨੂੰ ਅਮਨ-ਅਮਾਨ ਨਾਲ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਮਨੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਬੂਥਾਂ ’ਤੇ ਵੋਟਿੰਗ ਦੇ ਸੁਚਾਰੂ ਸੰਚਾਲਨ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਕਰੀਬ 98 ਫੀਸਦੀ ਵੋਟਰ ਸਲਿੱਪਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਸਮੁੱਚੀ ਪ੍ਰਕਿਰਿਆ ’ਤੇ ਨਜ਼ਰ ਰੱਖਣ ਲਈ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵੈਬ ਕਾਸਟਿੰਗ ਕੀਤੀ ਜਾਵੇਗੀ, ਜਿਸ ਦੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਤੋਂ ਇਲਾਵਾ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਦੱਸਿਆ ਕਿ ਈ.ਵੀ.ਐਮਜ਼ ਦੀ ਆਵਾਜਾਈ ਲਈ ਸਮੁੱਚੇ 703 ਵਾਹਨ ਜੀ.ਪੀ.ਐਸ. ਸਿਸਟਮ ਨਾਲ ਲੈਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ 1972 ਪੋਲਿੰਗ ਸਟੇਸ਼ਨਾਂ ’ਤੇ ਦਿਵਿਆਂਗ ਤੇ ਬਜ਼ੁਰਗ ਵੋਟਰਾਂ ਦੀ ਸਹਾਇਤਾ ਲਈ ਰੈਂਪ, ਵ੍ਹੀਲ ਚੇਅਰ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਦੇ ਨਾਲ-ਨਾਲ ਚੋਣ ਮਿੱਤਰ ਤਾਇਨਾਤ ਕਰਨ ਤੋਂ ਇਲਾਵਾ ਬਾਇਓ ਵੇਸਟ ਮੈਨੇਜਮੈਂਟ ਲਈ ਆਂਗਣਵਾੜੀ, ਆਸ਼ਾ ਅਤੇ ਮਲਟੀਪਰਪਜ਼ ਹੈਲਥ ਵਰਕਰ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨਾਲ ਸਬੰਧਤ ਸਟਾਫ਼ ਨੂੰ ਸਿਖਲਾਈ ਵੀ ਪ੍ਰਦਾਨ ਕੀਤੀ ਗਈ ਹੈ ਤਾਂ ਜੋ ਚੋਣ ਪ੍ਰਕਿਰਿਆ ਸਬੰਧੀ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਜਾਣਕਾਰੀ ਹੋਵੇ।
ਜ਼ਿਕਰਯੋਗ ਹੈ ਕਿ 10 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਗਿਣਤੀ 13 ਮਈ ਨੂੰ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਿੰਦਰਪਾਲ ਸਿੰਘ ਬਾਜਵਾ, ਸਮੂਹ ਸਹਾਇਕ ਰਿਟਰਨਿੰਗ ਅਫ਼ਸਰ ਆਦਿ ਵੀ ਮੌਜੂਦ ਸਨ।