ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਜੁਲਾਈ, 2023: ਜ਼ਿਲ੍ਹਾ ਪ੍ਰਸ਼ਾਸਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ’ਚੋਂ ਸੁਰੱਖਿਅਤ ਥਾਂਵਾਂ ’ਤੇ ਲਿਆਂਦੇ ਗਏ ਲੋੋਕਾਂ ਲਈ ਰਹਿਣ ਦੇ ਨਾਲ-ਨਾਲ ਖਾਣ ਪੀਣ ਦਾ ਵੀ ਉਚਿਤ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅੱਜ ਜਿੱਥੇ ਪ੍ਰਸ਼ਾਸਨਿਕ ਟੀਮਾਂ ਵੱਲੋਂ ਖਰੜ, ਡੇਰਾਬਸੀ ਤੇ ਮੋਹਾਲੀ ਸਬ ਡਵੀਜ਼ਨਾਂ ’ਚ 1000 ਦੇ ਕਰੀਬ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਤੋਂ ਸੁਰੱਖਿਅਤ ਥਾਂਵਾਂ ’ਤੇ ਲਿਆਂਦਾ ਗਿਆ ਉੱਥੇ ਇਨ੍ਹਾਂ ਲੋਕਾਂ ਦੇ ਖਾਣ-ਪੀਣ ਲਈ ਵੀ ਸਵੈ ਸੇਵੀ ਸੰਸਥਾਂਵਾਂ ਅਤੇ ਪ੍ਰਸ਼ਾਸਨਿਕ ਤੌਰ ’ਤੇ ਪ੍ਰਬੰਧ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਵਨੀਤ ਕੌਰ ਨੂੰ ਇਨ੍ਹਾਂ ਲੋਕਾਂ ਨੂੰ ਖਾਣਾ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਲਾਇਆ ਗਿਆ ਅਤੇ ਜੇਕਰ ਕਿਸੇ ਹੋਰ ਹੜ੍ਹ ਪ੍ਰਭਾਵਿਤ ਨੂੰ ਵੀ ਖਾਣੇ ਦੀ ਜ਼ਰੂਰਤ ਹੋਵੇ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0172-2219506 ਨੰਬਰ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੀ ਐਫ ਐਸ ਸੀ ਨਵਨੀਤ ਕੌਰ ਨੇ ਦੱਸਿਆ ਕਿ ਜਸ਼ਨ ਪੈਲੇਸ ਲਾਲੜੂ, ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਫ਼ੇਸ-6 ਬਡਮਾਜਰਾ, ਰੈਣ ਬਸੇਰਾ ਫੇਜ਼-6, ਢਕੋਲੀ ਅਤੇ ਜ਼ੀਰਕਪੁਰ ਵਿਖੇ ਪ੍ਰਭਾਵਿਤ ਲੋਕਾਂ ਨੂੰ ਕਲ੍ਹ ਤੋਂ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਰਾਹਤ ਕੇਂਦਰਾਂ ’ਚ ਸੁਰੱਖਿਅਤ ਲਿਆਂਦੇ ਗਏ ਹੜ੍ਹ ਪ੍ਰਭਾਵਿਤਾਂ ਨੂੰ ਖਾਣੇ ਆਦਿ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ।