July 1, 2024 1:10 am
Mohali

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਮੋਹਾਲੀ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ: ਆਈ. ਜੀ ਗੁਰਪ੍ਰੀਤ ਸਿੰਘ ਭੁੱਲਰ

ਐਸ.ਏ.ਐਸ. ਨਗਰ, 14 ਅਗਸਤ 2023: ਆਈ.ਜੀ., ਰੂਪਨਗਰ ਰੇਂਜ, ਸ. ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਸਰਕਾਰੀ ਕਾਲਜ, ਮੋਹਾਲੀ (Mohali) ਵਿਖੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨਾਲ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਨੇ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪਰੇਡ ਵਿੱਚ ਸ਼ਾਮਲ ਹੋਣ ਵਾਲੀਆਂ ਟੁਕੜੀਆਂ ਤੋਂ ਲੈ ਕੇ

ਜ਼ਿਲ੍ਹੇ ਵਿੱਚ ਚੈਕਿੰਗ, ਅਮਨ ਕਾਨੂੰਨ ਅਤੇ ਟ੍ਰੈਫਿਕ ਬਾਬਤ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ। ਇਸ ਮੌਕੇ ਸ. ਭੁੱਲਰ ਨੇ ਕਿਹਾ ਕਿ ਹਰ ਅਧਿਕਾਰੀ ਤੇ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕਰੇ। ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਕਿਸੇ ਨੂੰ ਵੀ ਅਮਨ ਕਾਨੂੰਨ ਦੀ ਸਥਿਤੀ ਭੰਗ ਨਹੀਂ ਕਰਨ ਦਿੱਤੀ ਜਾਵੇਗੀ।

ਆਈ.ਜੀ., ਰੂਪਨਗਰ ਰੇਂਜ, ਨੇ ਦੱਸਿਆ ਕਿ ਸੁਰੱਖਿਆ ਦੇ ਮੱਦੇਨਜ਼ਰ ਤਿੰਨ ਪੜਾਵਾਂ ਵਿੱਚ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪਹਿਲੇ ਪੜਾਅ ਤਹਿਤ ਵੱਖ ਵੱਖ ਥਾਵਾਂ, ਸੁਸਾਇਟੀਆਂ ਤੇ ਹੋਰ ਰਿਹਾਇਸ਼ੀ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਦੂਜੇ ਪੜਾਅ ਤਹਿਤ ਅਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਤੇ ਹੋਰ ਸਮਾਗਮਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਤੀਜੇ ਪੜਾਅ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਤੋਂ ਬਾਅਦ 15 ਅਗਸਤ ਤੋਂ ਲੈ ਕੇ ਅਗਲੇ ਕਈ ਦਿਨਾਂ ਤੱਕ ਸਖ਼ਤ ਸੁਰੱਖਿਆ ਪ੍ਰਬੰਧਾਂ ਸਬੰਧੀ ਕਾਰਵਾਈ ਕੀਤੀ ਜਾਣੀ ਹੈ।

Mohali

ਸ. ਭੁੱਲਰ ਨੇ ਦੱਸਿਆ ਕਿ ਅੱਜ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਉਹਨਾਂ ਖੇਤਰਾਂ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਦੇ ਨਾਲ ਨਾਲ ਵਾਧੂ ਫੋਰਸ ਵੀ ਜ਼ਿਲ੍ਹੇ (Mohali) ਲਈ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਲੋੜ ਮੁਤਾਬਕ ਤਾਇਨਾਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅਮਲ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਮਾੜੇ ਅਨਸਰਾਂ ਨੂੰ ਨੱਥ ਪਾਈ ਗਈ ਹੈ। ਵੱਖੋ-ਵੱਖ ਜੁਰਮਾਂ ਵਿੱਚ ਜ਼ਮਾਨਤ ਪ੍ਰਾਪਤ ਮੁਲਜ਼ਮਾਂ ਅਤੇ ਦੋਸ਼ੀਆਂ ਉਪਰ ਵੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਉੱਤੇ ਨਾਕੇ ਲਾ ਕੇ ਚੈਕਿੰਗ ਵੀ ਲਗਾਤਾਰ ਜਾਰੀ ਹੈ।

ਸ. ਭੁੱਲਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਸੁਰੱਖਿਆ ਪੱਖੋਂ ਕਿਸੇ ਵੀ ਗੱਲ ਦੀ ਚਿੰਤਾ ਨਾ ਕਰਨ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਕੁਮਾਰ ਗਰਗ ਸਮੇਤ ਪੁਲਿਸ ਅਧਿਕਾਰੀ ਅਤੇ ਵੱਡੀ ਗਿਣਤੀ ਪੁਲਿਸ ਮੁਲਾਜ਼ਮ ਹਾਜ਼ਰ ਸਨ।