Advocate Harjinder Singh Dhami

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ; ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਣ ਦੀ ਮੰਗ

ਅੰਮ੍ਰਿਤਸਰ, 13 ਜੁਲਾਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (President Advocate Harjinder Singh Dhami) ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਦੀ ਮੰਗ ਕੀਤੀ ਹੈ।

ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਨਵੰਬਰ 2019 ਵਿਚ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੁੱਲ੍ਹਣ ਨਾਲ ਦੁਨੀਆ ਭਰ ਦੀਆਂ ਸਿੱਖ ਸੰਗਤਾਂ ਦੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ। ਪਰ ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਦੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਕਾਰਨ ਸਿੱਖ ਭਾਈਚਾਰੇ ਵਿਚ ਭਾਰੀ ਨਿਰਾਸ਼ਾ ਹੈ।
ਉਨ੍ਹਾਂ ਯਾਦ ਕਰਵਾਇਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਮੰਤਰਾਲਿਆਂ ਨੂੰ ਲਾਂਘਾ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ ਤਾਂ ਜੋ ਸ਼ਰਧਾਲੂ ਮੁੜ ਗੁਰੂ ਘਰ ਦੇ ਦਰਸ਼ਨ ਕਰ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ।

Read More : ਲੁਧਿਆਣਾ ‘ਚ ਸਕੂਲ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ

ਵਿਦੇਸ਼

Scroll to Top