Site icon TheUnmute.com

ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ ਆਈ ਸਾਹਮਣੇ

Sukhpal Singh Khaira

ਚੰਡੀਗੜ੍ਹ, 28 ਸਤੰਬਰ, 2023: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ । ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ‘ਤੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਐਸਆਈਟੀ ਦੀ ਜਾਂਚ ਦੌਰਾਨ ਖਹਿਰਾ ਨਸ਼ਾ ਤਸਕਰੀ ਵਿੱਚ ਕਥਿਤ ਤੌਰ ‘ਤੇ ਸ਼ਾਮਲ ਪਾਇਆ ਗਿਆ ਹੈ।

ਉਨ੍ਹਾਂ ਕਿਹਾ ਇਸ ਮਾਮਲੇ ਦੀ ਸ਼ੁਰੂਆਤ 2015 ਵਿੱਚ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਹੋਈ, ਉਨ੍ਹਾਂ ਕਿਹਾ 2015 ਵਿਚ ਜਲਾਲਾਬਾਦ ਦੇ ਸਦਰ ਥਾਣੇ ਵਿੱਚ ਇੱਕ ਨਸ਼ਾ ਤਸਕਰੀ ਨੂੰ ਲੈ ਕੇ ਐੱਫ.ਆਈ.ਆਰ ਦਰਜ ਕੀਤੀ ਗਈ ਸੀ | ਜਿਸਦੇ ਸੰਬੰਧ ਪਾਕਿਸਤਾਨ ਅਤੇ ਯੂਕੇ ਤੱਕ ਜੁੜੇ ਸਨ | ਉਨ੍ਹਾਂ ਕਿਹਾ 2017 ਵਿੱਚ ਕਾਂਗਰਸ ਦੀ ਸਰਕਾਰ ਵੇਲੇ ਸੁਖਪਾਲ ਸਿੰਘ ਖਹਿਰਾ ਨੂੰ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ | ਉਨ੍ਹਾਂ ਕਿਹਾ ਸੁਖਪਾਲ ਸਿੰਘ ਖਹਿਰਾ (Sukhpal Singh Khaira) ‘ਤੇ ਪਰਚਾ ਅਕਾਲੀ ਦਲ-ਭਾਜਪਾ ਸਰਕਾਰ ਵੇਲੇ ਹੋਇਆ ਅਤੇ ਗ੍ਰਿਫਤਾਰੀ 2017 ਤੋਂ ਬਾਅਦ ਕਾਂਗਰਸ ਸਰਕਾਰ ਵੇਲੇ ਹੋਈ |

ਇਸ ਮੌਕੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਅਤੇ ਇਸ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਨਸ਼ਾਖੋਰੀ ਅਤੇ ਨਸ਼ਾ ਤਸਕਰੀ ‘ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਭਾਵੇਂ ਸਿਆਸਤਦਾਨ ਹੋਵੇ, ਆਮ ਆਦਮੀ, ਨਸ਼ਾ ਤਸਕਰ ਜਾਂ ਕੋਈ ਹੋਰ ਵੀ ਸ਼ਾਮਲ ਹੋਵੇ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।

ਇਸਦੇ ਨਾਲ ਹੀ ਮਾਲਵਿੰਦਰ ਸਿੰਘ ਕੰਗ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਾ ਤਸਕਰੀ ਤੇ ਨਸ਼ਿਆਂ ਖ਼ਿਲਾਫ਼ ‘ਆਪ’ ਸਰਕਾਰ ਦੀ ਚੱਲ ਰਹੀ ਮੁਹਿੰਮ ਦਾ ਸਮਰਥਨ ਕਰਨ, ਨਹੀਂ ਤਾਂ ਇਹ ਸਮਝਾਇਆ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੀ ਮਾਰ ਝੱਲ ਰਿਹਾ ਹੈ।

 

Exit mobile version