ਚੰਡੀਗੜ੍ਹ, 25 ਅਪ੍ਰੈਲ 2024: ਦਿੱਲੀ ਦੀ ਤਿਹਾੜ ਜੇਲ੍ਹ (Tihar Jail) ਵਿੱਚ ਕੈਦੀਆਂ ਵਿਚਾਲੇ ਝੜੱਪ ਹੋ ਗਈ। ਕੈਦੀਆਂ ਨੇ ਇਕ ਦੂਜੇ ‘ਤੇ ਸੂਏ ਨਾਲ ਹਮਲਾ ਕਰ ਦਿੱਤਾ, ਜਿਸ ‘ਚ ਚਾਰ ਕੈਦੀ ਜ਼ਖਮੀ ਹੋ ਗਏ। ਇਸ ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਤਿਹਾੜ ਜੇਲ੍ਹ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਖ਼ਤਰਾ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਹੈ ਕਿ ਇਹ ਲੋਕ ਅਰਵਿੰਦ ਕੇਜਰੀਵਾਲ ਨਾਲ ਵੀ ਅਜਿਹੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ।
‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਇਹ ਲੋਕ (ਭਾਜਪਾ) ਅਰਵਿੰਦ ਕੇਜਰੀਵਾਲ ਦੀ ਜ਼ਿੰਦਗੀ ਨਾਲ ਖੇਡ ਰਹੇ ਹਨ। ਜਦੋਂ ਤਿਹਾੜ ਜੇਲ੍ਹ ਵਿੱਚ ਇੱਕ ਨਹੀਂ ਸਗੋਂ ਕਈ ਕਤਲ ਕਾਂਡ ਹੋ ਚੁੱਕੇ ਹਨ ਤਾਂ ਇਹ ਲੋਕ ਅਰਵਿੰਦ ਕੇਜਰੀਵਾਲ ਨਾਲ ਵੀ ਅਜਿਹੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ। ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਰੱਖੀ ਜਾਂਦੀ ਹੈ। ‘ਆਪ’ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਵਿਰੁੱਧ ਡੂੰਘੀ ਸਾਜ਼ਿਸ਼ ਚੱਲ ਰਹੀ ਹੈ, ਉਨ੍ਹਾਂ ਨੂੰ ਇਨਸੁਲਿਨ ਨਹੀਂ ਦਿੱਤੀ।
ਜਾਣਕਾਰੀ ਮੁਤਾਬਕ ਘਟਨਾ ਸੋਮਵਾਰ ਸ਼ਾਮ ਦੀ ਹੈ, ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਨੰਬਰ ਤਿੰਨ (Tihar Jail) ‘ਚ ਬਾਥਰੂਮ ਜਾਣ ਨੂੰ ਲੈ ਕੇ ਝਗੜਾ ਹੋ ਗਿਆ। ਚਾਰ ਕੈਦੀਆਂ ਨੇ ਇਕ ਦੂਜੇ ‘ਤੇ ਸੂਏ ਨਾਲ ਹਮਲਾ ਕਰ ਦਿੱਤਾ। ਜ਼ਖਮੀਆਂ ਦੀ ਪਛਾਣ ਭੂਪੇਸ਼, ਦੀਪਕ, ਦਿਨੇਸ਼ ਅਤੇ ਦੀਪਕ ਵਜੋਂ ਹੋਈ ਹੈ। ਥਾਣਾ ਹਰੀਨਗਰ ਦੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।