ਆੜ੍ਹਤੀਆ

ਤਲਵੰਡੀ ਭਾਈ ‘ਚ ਆੜ੍ਹਤੀਆ ਦੇ ਕਤਲ ਤੋਂ ਬਾਅਦ ਲੋਕਾਂ ਨੇ ਦੁਕਾਨਾਂ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਬਟਾਲਾ, 24 ਜੂਨ 2023: ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਵਿਖੇ ਦਿਨ ਦਿਹਾੜੇ ਇੱਕ ਆੜਤੀਏ ਦਾ ਕਤਲ ਕਰ ਦਿੱਤਾ ਗਿਆ, ਇਸਦੇ ਵਿਰੋਧ ਵਿੱਚ ਦੁਕਾਨਕਾਰਾਂ ਨੇ ਦੁਕਾਨਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਸ਼ਾਂਤ ਕੀਤਾ, ਪਰ ਦੁਕਾਨਦਾਰਾਂ ਦਾ ਦੋਸ਼ ਹੈ ਕਿ ਪੁਲਿਸ ਹੁਣ ਤੱਕ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਵਿੱਚ ਕਾਮਯਾਬ ਨਹੀਂ ਹੋ ਸਕੀ ਅਤੇ ਅਸਫਲ ਸਾਬਤ ਹੋਈ ਹੈ।

ਜਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਦੁਪਹਿਰ ਸਮੇਂ ਤਲਵੰਡੀ ਭਾਈ ਕਸਬੇ ਦੀ ਪੁਰਾਣੀ ਦਾਣਾ ਮੰਡੀ ‘ਚ ਇਕ ਦੁਕਾਨ ‘ਤੇ 9 ਐਮਐਮ ਪਿਸਤੌਲ ਨਾਲ ਅੰਨ੍ਹੇਵਾਹ ਗੋਲੀਆਂ ਚਲਾ ਕੇ ਆੜ੍ਹਤੀਆ ਪ੍ਰੇਮ ਕੁਮਾਰ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਆੜ੍ਹਤੀਆ ਅਮੀ ਲਾਲ ਛਾਬੜਾ ਦੀ ਸ਼ਿਕਾਇਤ ’ਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੁਕਾਨਦਾਰਾਂ ਨੇ ਰੋਸ ਵਜੋਂ ਸ਼ਨੀਵਾਰ ਨੂੰ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ। ਇਸ ਦੇ ਨਾਲ ਹੀ ਬਾਜ਼ਾਰ ਬੰਦ ਹੋਣ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਥਾਣਾ ਤਲਵੰਡੀ ਭਾਈ ਦੀ ਇੰਚਾਰਜ ਸ਼ਿਮਲਾ ਰਾਣੀ ਦਾ ਕਹਿਣਾ ਹੈ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ। ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰੇਮ ਕੁਮਾਰ ਕਤਲ ਕੇਸ ਵਿੱਚ ਜੋ ਵੀ ਦੋਸ਼ੀ ਹੈ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕ ਦਿੱਤਾ ਜਾਵੇਗਾ। ਜ਼ਿਲ੍ਹੇ ਦੇ ਐਸਐਸਪੀ ਭੁਪਿੰਦਰ ਸਿੰਘ ਨੇ ਵੀ ਦਾਅਵਾ ਕੀਤਾ ਹੈ ਕਿ ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲੇ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ।

 

Scroll to Top