ਪਟਿਆਲਾ 20 ਜੂਨ 2022: ਅਗਨੀਪਥ ਯੋਜਨਾ ਦੇ ਵਿਰੋਧ ਨੂੰ ਲੈ ਕੇ ਹੋ ਰਹੇ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਪੰਜਾਬ ਪੁਲਸ ਪੂਰੀ ਤਰ੍ਹਾਂ ਮੁਸਤੈਦ ਦਿਖਾਈ ਦੇ ਰਹੀ ਹੈ | ਸੂਬੇ ‘ਚ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਦੇਖਦਿਆਂ ਪਟਿਆਲਾ (Patiala) ਵਿਖੇ ਵੀ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਨੇ ਤਾਂ ਜੋ ਸ਼ਹਿਰ ਵਿਚ ਕਿਸੇ ਵੀ ਦਰਾਂ ਦੀ ਕੋਈ ਅਣਸੁਖਾਵੀ ਘਟਨਾ ਨਾ ਵਾਪਰ ਸਕੇ |
ਪਟਿਆਲਾ ਦੇ ਰੇਲਵੇ ਸਟੇਸ਼ਨ (Patiala railway station) ਵਿਖੇ ਚੱਪੇ ਚੱਪੇ ਤੇ ਪੰਜਾਬ ਪੁਲਿਸ ਦੇ ਜਵਾਨਾਂ ਤੋਂ ਇਲਾਵਾ ਜੀ.ਆਰ.ਪੀ. ਅਤੇ ਏ.ਆਰ.ਪੀ.ਐਫ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਤਾਇਨਾਤ ਕੀਤੇ ਗਏ ਹਨ | ਉਥੇ ਹੀ ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਚੌਂਕਾਂ ਵਿੱਚ ਵੀ ਨਾਕੇਬੰਦੀ ਕੀਤੀ ਗਈ ਹੈ |
ਜਿਕਰਯੋਗ ਹੈ ਕਿ ਅਗਨੀਪੱਥ ਯੋਜਨਾ ਦਾ ਵਿਰੋਧ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲਿਆ ਸੀ ਅਤੇ ਸੂਬੇ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਇਸ ਦੇ ਚੱਲਦਿਆਂ ਪਟਿਆਲਾ ਦੇ ਰੇਲਵੇ ਸਟੇਸ਼ਨ ਵਿਖੇ ਡੀ ਐੱਸ ਪੀ ਸਿਟੀ ਵਨ ਸੌਰਵ ਜਿੰਦਲ ਅਤੇ ਰੇਲਵੇ ਪੁਲਿਸ ਦੇ ਡੀ ਐੱਸ ਪੀ ਵੱਲੋਂ ਆਪਣੀ ਪੁਲਸ ਪਾਰਟੀ ਸਮੇਤ ਰੇਲਵੇ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਾਧੂ ਫੋਰਸ ਤਾਇਨਾਤ ਕੀਤੀ ਗਈ ਹੈ |
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ ਐੈੱਸ ਪੀ ਸੌਰਵ ਜਿੰਦਲ ਨੇ ਕਿਹਾ ਕਿ ਪਟਿਆਲਾ ਵਿਖੇ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਹੈ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਤੇ ਫੈਲ ਰਹੀਆਂ ਅਫਵਾਹਾਂ ਤੋਂ ਗੁਰੇਜ਼ ਕਰਨ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸੋਸ਼ਲ ਮੀਡੀਆ ਤੇ ਅਫਵਾਹਾਂ ਫੈਲਾਏ ਤਾਂ ਉਸਦੇ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |