Site icon TheUnmute.com

Agricultural Policy: ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਪੰਜਾਬ ਸਰਕਾਰ ਦੀ ਕਿਸਾਨ ਯੂਨੀਅਨਾਂ ਨਾਲ ਬੈਠਕ

Agricultural Marketing Policy

ਚੰਡੀਗੜ, 19 ਦਸੰਬਰ 2024: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਕਿਸਾਨਾਂ ਦੀ ਮੱਦਦ ਕਰੇਗੀ। ਉਨ੍ਹਾਂ ਕਿਹਾ ਕਿ ‘ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ’ ( National Policy Framework on Agricultural Marketing Policy) ਕਾਰਨ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ।

ਪੰਜਾਬ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਇਸ ਡਰਾਫਟ ਕਾਰਨ ਪੰਜਾਬ ਸਰਕਾਰ ਚਿੰਤਤ ਹੈ ਕਿਉਂਕਿ ਇਸ ਦਾ ਸੂਬੇ ਅਤੇ ਕਿਸਾਨਾਂ ‘ਤੇ ਗੰਭੀਰ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੀਤੀ (National Policy Framework on Agricultural Marketing Policy)  ਦੇ ਹਰ ਪਹਿਲੂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕਰਕੇ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕਰਨਾ ਚਾਹੁੰਦੀ ਹੈ। ਮੰਤਰੀ ਨੇ ਇਹ ਵੀ ਦੱਸਿਆ ਕਿ ਇਸ ਖਰੜੇ ਦਾ ਡੂੰਘਾਈ ਨਾਲ ਅਧਿਐਨ ਕਰਨ ਲਈ ਆਉਣ ਵਾਲੇ ਦਿਨਾਂ ਵਿੱਚ ਖੇਤੀਬਾੜੀ ਮਾਹਰਾਂ ਅਤੇ ਹੋਰ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਪਹਿਲੂ ‘ਤੇ ਵਿਚਾਰ ਕਰਨਾ ਨਾ ਰਹਿ ਜਾਵੇ।

ਇਸ ਦੌਰਾਨ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਨਾਲ ਵਧੀਕ ਮੁੱਖ ਸਕੱਤਰ (ਖੇਤੀਬਾੜੀ ਅਤੇ ਕਿਸਾਨ ਭਲਾਈ) ਅਨੁਰਾਗ ਵਰਮਾ, ਚੇਅਰਮੈਨ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਡਾ: ਸੁਖਪਾਲ ਸਿੰਘ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ ਵੀ ਮੌਜੂਦ ਸਨ | ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੁਝਾਅ ਅਤੇ ਟਿੱਪਣੀਆਂ ਖੇਤੀਬਾੜੀ ਵਿਭਾਗ ਨੂੰ ਭੇਜਣ।

ਇਸ ਮੌਕੇ ਕਿਸਾਨ ਯੂਨੀਅਨਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾ, ਬਲਬੀਰ ਸਿੰਘ ਰਾਜੇਵਾਲ, ਡਾ: ਦਰਸ਼ਨ ਪਾਲ, ਰੁਲਦੂ ਸਿੰਘ ਮਾਨਸਾ, ਡਾ: ਸਤਨਾਮ ਸਿੰਘ ਅਜਨਾਲਾ ਅਤੇ ਹੋਰਨਾਂ ਨੇ ਇਸ ਨੀਤੀ ਤਹਿਤ ਸੰਭਾਵੀ ਨਿੱਜੀਕਰਨ ਅਤੇ ਅਜ਼ਾਰੇਦਾਰੀ ਅਮਲਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਨੀਤੀ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਦੇ ਵਿਵਾਦਤ ਉਪਬੰਧਾਂ ਨੂੰ ਮੁੜ ਲਾਗੂ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਿਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਸੀ।

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਨੂੰ ਆਪਣਾ ਜਵਾਬ ਭੇਜਣ ਤੋਂ ਪਹਿਲਾਂ ਇਸ ਨੀਤੀ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕਰੇ ਤਾਂ ਜੋ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

Read More: MC Election: ਪੰਜਾਬ ‘ਚ ਨਗਰ ਨਿਗਮ ਤੇ ਹੋਰਨਾਂ ਚੋਣਾਂ ਲਈ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ

Exit mobile version