July 2, 2024 11:35 pm
ਖੇਤੀਬਾੜੀ ਵਿਭਾਗ

ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 14 ਸਤੰਬਰ 2021 :  ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤੱਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਿਸਾਨ ਸੁਸਾਇਟੀਆਂ ਤਹਿਤ ਰਜਿਸਟਰਡ ਕਸਟਮ ਹਾਇਰਿੰਗ ਸੈਂਟਰਾਂ ਅਤੇ ਕਿਸਾਨਾਂ ਪਾਸੋਂ ਪ੍ਰਾਪਤ ਹੋਈਆਂ 10297 ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤਾਂ ਕਿ ਝੋਨੇ ਦੀ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਬੰਧਤ ਖੇਤੀ ਮਸ਼ੀਨਾਂ ਦੀ ਖਰੀਦ ਕੀਤੀ ਜਾ ਸਕੇ।
ਉਨ੍ਹਾਂ ਅੱਗੇ ਕਿਹਾ ਕਿ ਖੇਤੀ ਮਸ਼ੀਨਾਂ ਦੀ ਖਰੀਦ ਲਈ ਵਿਭਾਗ ਵੱਲੋਂ ਪੰਜ ਪੜਾਵਾਂ ਵਿਚ ਜਾਰੀ ਕੀਤੀਆਂ ਪ੍ਰਵਾਨਗੀਆਂ ਦੇ ਮੁਤਾਬਕ ਵਿਅਕਤੀਗਤ ਤੌਰ ਉਤੇ ਕਿਸਾਨਾਂ ਨੂੰ 10023 ਮਸ਼ੀਨਾਂ, ਕਸਟਮ ਹਾਇਰਿੰਗ ਸੈਂਟਰਾਂ ਲਈ 15498 ਮਸ਼ੀਨਾਂ, ਪੰਚਾਇਤਾਂ ਲਈ 5543, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ 906 ਮਸ਼ੀਨਾਂ ਖਰੀਦਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ ਜਿਸ ਨਾਲ ਹੁਣ ਤੱਕ 31970 ਮਸ਼ੀਨਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ।
ਸਿੱਧੂ ਨੇ ਖੇਤੀ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀਆਂ ਹਾਸਲ ਕਰ ਚੁੱਕੇ ਬਿਨੈਕਾਰਾਂ ਨੂੰ ਛੇਤੀ ਤੋਂ ਛੇਤੀ ਮਸ਼ੀਨਾਂ ਖਰੀਦਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਉਤੇ 76000 ਮਸ਼ੀਨਾਂ ਦਿੱਤੀਆਂ ਗਈਆਂ ਸਨ। ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਪਲਾਈ ਕਰਨ ਦੇ ਸਬੰਧ ਵਿਚ ਵਿਭਾਗ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਖੇਤੀ ਸੰਦਾਂ ਦੀ ਵੰਡ ਦਾ ਕਾਰਜ ਮੁਕੰਮਲ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ।
ਡਾਇਰੈਕਟਰ ਨੇ ਅੱਗੇ ਦੱਸਿਆ ਕਿ ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ, ਤਰਨ ਤਾਰਨ, ਮੋਗਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਜੋਂ ਸ਼ਨਾਖ਼ਤ ਕੀਤਾ ਗਿਆ ਹੈ ਜਿੱਥੇ ਪਿਛਲੇ ਸਮੇਂ ਵਿਚ ਝੋਨੇ ਦੀ ਪਰਾਲੀ ਸਾੜਨ ਦੇ ਵੱਧ ਮਾਮਲੇ ਸਾਹਮਣੇ ਆਏ ਸਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਜ਼ਿਲ੍ਹਿਆਂ ਵਿਚ ਅਮਲ ਅਤੇ ਨਿਗਰਾਨੀ ਦੇ ਕਦਮਾਂ ਲਈ ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਵਾਸਤੇ ਸਿਰਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਕਿ ਝੋਨੇ ਦੀ ਵਾਢੀ ਦੇ ਆਉਂਦੇ ਸੀਜ਼ਨ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਘਟਨਾਵਾਂ ਨੂੰ ਠੱਲ੍ਹ ਪਾਈ ਜਾ ਸਕੇ।
ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦਾ ਖੇਤਾਂ ਵਿਚ ਹੀ ਨਿਪਟਾਰਾ ਕਰਨ ਲਈ ਐਸ.ਐਮ.ਐਸ., ਸੁਪਰ ਸੀਡਰ, ਹੈਪੀ ਸੀਡਰ, ਪੈਡੀ ਸਟਰਾਅ ਚੌਪਰ/ਸ਼ਰੈਡਰ/ਮਲਚਰ, ਹਾਈਡਰੌਲਿਕ ਰਿਵਰਸੀਬਲ ਮੋਲਡ ਬੋਰਡ ਪਲੌਅ ਅਤੇ ਜ਼ੀਰੋ ਟਿੱਲ ਡਰਿੱਲ ਅਤੇ ਖੇਤਾਂ ਤੋਂ ਬਾਹਰ ਪਰਾਲੀ ਦਾ ਨਿਪਟਾਰਾ ਕਰਨ ਲਈ ਬੇਲਰ ਅਤੇ ਰੇਕ ਕਿਸਾਨਾਂ ਦੀ ਸਹੂਲਤ ਲਈ ਸਬਸਿਡੀ ਉਤੇ ਮੁਹੱਈਆ ਕਰਵਾਏ ਜਾ ਰਹੇ ਹਨ।