ਐਸ.ਏ.ਐਸ ਨਗਰ, 17 ਜਨਵਰੀ, 2025: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਅੱਜ ਮੋਹਾਲੀ ਦੇ ਸਨੇਟਾ ਪਿੰਡ ਵਿਖੇ 5 ਏਕੜ ਜ਼ਮੀਨ ‘ਤੇ ਬਣਨ ਵਾਲੇ ਦਾਣਾ ਮੰਡੀ ਦਾ ਨੀਂਹ ਪੱਥਰ ਰੱਖਿਆ ਹੈ। ਇਸ ਮੰਡੀ ਨੂੰ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ ਅਤੇ 6 ਮਹੀਨਿਆਂ ‘ਚ ਪੂਰਾ ਹੋ ਜਾਵੇਗਾ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਨੀਂਹ ਪੱਥਰ ਰੱਖਣ ਤੋਂ ਬਾਅਦ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਦਾਣਾ ਮੰਡੀ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਕੇ ਆਲੇ-ਦੁਆਲੇ ਦੇ 20 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ, ਸਨੇਟਾ ‘ਚ ਅਨਾਜ ਮੰਡੀ ਨਾ ਹੋਣ ਕਾਰਨ, ਕਿਸਾਨਾਂ ਨੂੰ ਆਪਣੀਆਂ ਫਸਲਾਂ ਸੜਕ ਕਿਨਾਰੇ ਵੇਚਣ ਲਈ ਮਜਬੂਰ ਹੋਣਾ ਪੈਂਦਾ ਸੀ।
ਜਦੋਂ ਮੰਤਰੀ ਦੇ ਧਿਆਨ ‘ਚ ਹਲਕਾ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਇਹ ਮਾਮਲਾ ਲਿਆਂਦਾ ਗਿਆ ਤਾਂ ਉਨ੍ਹਾਂ ਵੱਲੋਂ ਤੁਰੰਤ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਸਨੇਟਾ ਦੀ ਮੰਡੀ ਬਣਾਉਣ ‘ਚ ਆ ਰਹੀਆਂ ਸਾਰੀਆਂ ਅੜਚਣਾਂ ਨੂੰ ਦੂਰ ਕੀਤਾ ਗਿਆ ਅਤੇ ਇਸ ਨੂੰ ਤੁਰੰਤ ਸ਼ੁਰੂ ਕਰਵਾਉਣ ਦੇ ਹੁਕਮ ਦਿੱਤੇ।
ਖੇਤੀਬਾੜੀ ਮੰਤਰੀ ਖੁੱਡੀਆਂ (Gurmeet Singh Khuddian) ਨੇ ਕਿਹਾ ਕਿ ਅੱਜ ਇਲਾਕੇ ਦੀ ਵੱਡੀ ਮੰਗ ਪੂਰੀ ਹੋਈ ਹੈ। ਉਨ੍ਹਾਂ ਸਾਲ 2011 ਚ ਸਨੇਟਾ ਪਿੰਡ ਦੀ ਪੰਚਾਇਤ ਦੀ ਜ਼ਮੀਨ ਕਲੈਕਟਰ ਰੇਟ ਤੇ ਦੇਣ ਲਈ ਦਿਖਾਈ ਫਰਾਖਦਿਲੀ ਲਈ ਪੰਚਾਇਤ ਨੂੰ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਮੰਡੀ ‘ਚ ਤਿੰਨ ਨਿਲਾਮੀ ਪਲੇਟਫਾਰਮ, ਇੱਕ ਵੱਡਾ ਸ਼ੈੱਡ, 71 ਦੁਕਾਨਾਂ ਅਤੇ ਬੂਥ, ਇੱਕ ਪਾਣੀ ਦੀ ਟੈਂਕੀ ਅਤੇ ਡਰੇਨੇਜ ਸਿਸਟਮ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੰਡੀ ‘ਚ ਪਹਿਲਾਂ 60000 ਕੁਇੰਟਲ ਝੋਨੇ ਅਤੇ 33000 ਕੁਇੰਟਲ ਕਣਕ ਦੀ ਆਮਦ ਦਰਜ ਕੀਤੀ ਗਈ ਸੀ ਅਤੇ ਨਵੀਂ ਮੰਡੀ ਦੀ ਉਸਾਰੀ ਪੂਰੀ ਹੋਣ ਨਾਲ ਹੋਰ ਅਨਾਜ ਦੀ ਆਮਦ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਸ਼ਹਿਰੀ ਖੇਤਰ ਨੂੰ ਮੰਡੀ ਦੇ ਸੀਜ਼ਨ ਦੌਰਾਨ ਟ੍ਰੈਫਿਕ ਸਮੱਸਿਆ ਤੋਂ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ ਕਿਸਾਨਾਂ ਦੀਆਂ ਮੰਗਾਂ ‘ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਨੇਟਾ ਮੰਡੀ ਦੀ ਸਥਾਪਨਾ ਇਲਾਕੇ ਲਈ ਇੱਕ ਵੱਡੀ ਚੁਣੌਤੀ ਅਤੇ ਸਮੱਸਿਆ ਸੀ, ਜਿਸਨੂੰ ਅੱਜ ਭਗਵੰਤ ਮਾਨ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਕੇ ਹੱਲ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਨੇਟਾ ਹਸਪਤਾਲ ਦੀ ਨਵੀਂ ਬਣੀ ਇਮਾਰਤ ਨੂੰ ਛੇਤੀ ਖੋਲ੍ਹਿਆ ਜਾਵੇ, ਜਿਸ ‘ਤੇ ਖੇਤੀਬਾੜੀ ਮੰਤਰੀ ਨੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੂੰ ਮਿਲਣ ਦਾ ਭਰੋਸਾ ਦਿੱਤਾ।