ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕਿਸਾਨ ਯੂਨੀਅਨ ਦੀਆਂ ਜਾਇਜ਼ ਮੰਗਾਂ ‘ਤੇ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼

ਚੰਡੀਗੜ੍ਹ, 27 ਨਵੰਬਰ 2026: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ। ਖੇਤੀਬਾੜੀ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਗੰਨੇ ਦਾ ‘ਸਟੇਟ ਐਗਰੀਡ ਪ੍ਰਾਈਸ’ (ਐਸਏਪੀ) 416 ਰੁਪਏ ਤੋਂ ਵਧਾ ਕੇ 431 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ, ਭਾਵ ਇਸ ‘ਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਜੋ ਕਿ ਦੇਸ਼ ‘ਚ ਸਭ ਤੋਂ ਵੱਧ ਹੈ।

ਖੇਤੀਬਾੜੀ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੈਠਕ ‘ਚ ਵਿਚਾਰੇ ਮੁੱਦਿਆਂ ਦੇ ਹੱਲ ਲਈ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨ ਦੇਸ਼ ਦੀ ਆਰਥਿਕਤਾ ਅਤੇ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਮਦਨ ‘ਚ ਵਾਧਾ ਕਰਨਾ, ਉਨ੍ਹਾਂ ਨੂੰ ਫ਼ਸਲਾਂ ਦਾ ਵਾਜਬ ਮੁੱਲ ਦਿਵਾਉਣਾ, ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਹੋਰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਗੰਨਾ ਕਾਸ਼ਤਕਾਰਾਂ ਦੀ ਭਲਾਈ ਲਈ ਪੂਰੀ ਸੰਵੇਦਨਸ਼ੀਲਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੈਠਕ ਸੁਖਾਵੇਂ ਅਤੇ ਉਸਾਰੂ ਮਾਹੌਲ ‘ਚ ਸੰਪੰਨ ਹੋਈ। ਇਸ ਮੌਕੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ ਦੇਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਦਾ ਧੰਨਵਾਦ ਕੀਤਾ।

Read More: ਚੰਡੀਗੜ੍ਹ ਦੇ ਸਰਕਾਰੀ ਮੁਲਾਜ਼ਮਾਂ ਨੂੰ ਅੱਧੀ ਤਨਖਾਹ ਵਾਲੀ ਛੁੱਟੀ ਦਾ ਮਿਲੇਗਾ ਲਾਭ

ਵਿਦੇਸ਼

Scroll to Top